ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਜੂਨ
ਬਹੁਜਨ ਸਮਾਜ ਪਾਰਟੀ ਵਲੋਂ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਦੌਰਾਨ ਬਸਪਾ ਵਰਕਰਾਂ ਵਲੋਂ ਨਾਅਰੇਬਾਜ਼ੀ ਕਰਦਿਆਂ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਬਸਪਾ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਵੀ ਭੇਜਿਆ ਗਿਆ। ਬਸਪਾ ਦੇ ਸੂਬਾ ਜਨਰਲ ਸਕੱਤਰ ਸ੍ਰੀ ਚਮਕੌਰ ਸਿੰਘ ਵੀਰ ਦੀ ਅਗਵਾਈ ਹੇਠ ਪਾਰਟੀ ਵਰਕਰ ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਇਕੱਠੇ ਹੋਏ ਜਿਥੇ ਮੀਟਿੰਗ ਕਰਨ ਮਗਰੋਂ ਉਨ੍ਹਾਂ ਨੇ ਲਾਲ ਬੱਤੀ ਚੌਕ ਤੱਕ ਰੋਸ ਮਾਰਚ ਕੀਤਾ। ਉਨ੍ਹਾਂ ਨੇ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕੈਂਥ ਅਤੇ ਪਾਰਟੀ ਦੇ ਲੋਕ ਸਭਾ ਇੰਚਾਰਜ ਰਣਧੀਰ ਸਿੰਘ ਨਾਗਰਾ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਰਤੀ ਫੌਜ ਵਿਚ ਚਾਰ ਸਾਲ ਦੀ ਨੌਕਰੀ ਮਗਰੋਂ ਨੌਜ਼ਵਾਨ ਬੇਰੁਜ਼ਗਾਰ ਹੋ ਜਾਣਗੇ ਅਤੇ ਇਹ ਯੋਜਨਾ ਕੇਂਦਰ ਸਰਕਾਰ ਦੀ ਰੁਜ਼ਗਾਰ ਖਤਮ ਕਰਨ ਦੀ ਡੂੰਘੀ ਚਾਲ ਹੈ।