ਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਗੇਟ ਰੈਲੀ
ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਜਥੇਬੰਦੀ ਦੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਸਬੰਧੀ ਸਰਕਾਰੀ ਬਿਆਨਾਂ ਦੀ ਫੂਕ ਨਿੱਕਲਕੇ ਰਹਿ ਗਈ ਹੈ ਕਿਉਂਕਿ ਹੁਣ ਪ੍ਰਾਈਵੇਟ ਮਾਲਕਾਂ ਦੀਆਂ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਤਿਆਰੀ ਹੈ। ਉਨ੍ਹਾਂ ਅਜਿਹਾ ਟੈਂਡਰ ਰੱਦ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪਹਿਲੀ ਜੁਲਾਈ 2024 ਨੂੰ ਕਮੇਟੀ ਗਠਿਤ ਕਰ ਕੇ 1 ਮਹੀਨੇ ਦੇ ਵਿੱਚ ਮੰਗਾਂ ਹੱਲ ਕਰਨ ਦਾ ਲਿਖਤੀ ਰੂਪ ਵਿੱਚ ਭਰੋਸਾ ਦਿੱਤਾ ਸੀ ਪਰ ਇੱਕ ਸਾਲ ਬੀਤਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਕੀਤਾ ਗਿਆ। ਡਿੱਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਵਾਈਸ ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਸੈਕਟਰੀ ਸੁਖਜਿੰਦਰ ਸਿੰਘ ਧਾਲੀਵਾਲ, ਵਾਈਸ ਡਿੱਪੂ ਪ੍ਰਧਾਨ ਰਮਨਦੀਪ ਸਿੰਘ ਧਾਲੀਵਾਲ, ਮੋਟਰ ਮਜ਼ਦੂਰ ਯੂਨੀਅਨ ਸੀਟੂ ਜਨਰਲ ਸਕੱਤਰ ਇੰਦਰਪਾਲ ਸਿੰਘ ਪੁੰਨਾਵਾਲ ਅਤੇ ਕੰਟਰੈਕਟ ਵਰਕਰ ਯੂਨੀਅਨ ਆਜ਼ਾਦ 31/7 ਤੋਂ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ 17 ਕੈਟਾਗਿਰੀਆਂ ਮੁਫ਼ਤ ਬੱਸ ਸਫਰ ਕਰਦੀਆਂ ਹਨ ਅਤੇ ਸਰਕਾਰ ਦੀ ਮਨਸ਼ਾ ਹੈ ਕਿ ਲੋਕ ਸਹੂਲਤਾਂ ਵਾਲੇ ਅਦਾਰੇ ਕਾਰਪੋਰੇਟ ਘਰਾਣਿਆ ਦੇ ਹਵਾਲੇ ਕਰ ਦਿੱਤੇ ਜਾਣ। ਇਸ ਮੌਕੇ ਗੁਰਪ੍ਰੀਤ ਸਿੰਘ ਪਾਤੜਾਂ, ਬਲਜੀਤ ਸਿੰਘ, ਗਗਨਦੀਪ ਸਿੰਘ ਤੋਗਾਵਾਲ, ਹਰਸੇਵਕ ਸਿੰਘ ਪਾਤੜਾਂ, ਅਮਨਦੀਪ ਸਿੰਘ ਬੜੀ ਤੇ ਰਾਮ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਮੇਤ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਖੋਲਣ ਦੀ ਕੋਸ਼ਿਸ਼ ਕੀਤੀ ਜੰਥੇਬੰਦੀ ਵੱਲੋਂ ਤੁਰੰਤ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਧਰਨੇ ਸਮੇਤ ਤਿੱਖਾ ਸ਼ਘੰਰਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਉਣ ਦੀ ਬਜਾਏ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ।