Chhupki village road protest: ਸੜਕ ਨਾ ਬਣਨ ਕਾਰਨ ਬੱਸ ਅੱਡਾ ਜਾਮ ਕੀਤਾ
ਪ੍ਰਸ਼ਾਸਨ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ; ਸਮੇਂ ਸਿਰ ਕੰਮ ਸ਼ੁਰੂ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ
ਪਿੰਡ ਚੁੱਪਕੀ ਦੀ ਸੜਕ ਨਵੀਂ ਨਾ ਬਣਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਪਿੰਡ ਵਾਸੀਆਂ ਵੱਲੋਂ ਸਮਾਣਾ-ਪਾਤੜਾਂ ਰੋਡ ’ਤੇ ਕਕਰਾਲਾ ਅੱਡਾ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਸੜਕ ਦੀ ਖਸਤਾ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਤੁਰੰਤ ਨਿਰਮਾਣ ਸ਼ੁਰੂ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ, ਸੂਬਾ ਆਗੂ ਰਣਜੀਤ ਸਿੰਘ ਸਵਾਜਪੁਰ ਅਤੇ ਯਾਦਵਿੰਦਰ ਸਿੰਘ ਕੂਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦੇ ਵਸਨੀਕ ਲੰਮੇ ਸਮੇਂ ਤੋਂ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਮਾਮਲਾ ਲਿਆ ਚੁੱਕੇ ਹਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ।
ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਅਤੇ ਮੰਡੀਕਰਨ ਬੋਰਡ ਦੇ ਐੱਸ ਡੀ ਓ ਪੰਕਜ ਮਹਿਰਾ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ 2 ਅਕਤੂਬਰ ਤੱਕ ਚੇਅਰਮੈਨ ਨਾਲ ਮਾਮਲਾ ਵਿਚਾਰ ਕੇ ਪਿੰਡ ਚੁੱਪਕੀ ਨੂੰ ਜਾਣ ਵਾਲੀ 18 ਫੁੱਟ ਚੌੜੀ ਸੜਕ ਦਾ ਕੰਮ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਇਸ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਕੰਮ ਸ਼ੁਰੂ ਨਾ ਹੋਇਆ ਤਾਂ ਸੰਘਰਸ਼ ਮੁੜ ਤੇਜ਼ ਕੀਤਾ ਜਾਵੇਗਾ।

