ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਹਮਲਾ ਕੀਤਾ: ਧਾਲੀਵਾਲ
ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੇ ‘ਪੰਜਾਬ ਦਿਵਸ’ ਵਾਲੇ ਦਿਨ ਪੰਜਾਬੀਆਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਦਿੱਤਾ ਹੈ। ਇਹ ਫ਼ੈਸਲਾ ਪੰਜਾਬ ਯੂਨੀਵਰਸਿਟੀ ਐਕਟ 1947 ਵਿੱਚ ਸੋਧ ਕਰ ਕੇ ਕੀਤਾ ਗਿਆ ਹੈ, ਜਿਸ ਨਾਲ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰ ਦਿੱਤੀ ਗਈ ਹੈ। ਇਸ ਵਿੱਚ 18 ਚੁਣੇ ਹੋਏ, 6 ਨਾਮਜ਼ਦ ਅਤੇ 7 ਐਕਸ-ਆਫੀਸੀਓ ਮੈਂਬਰ ਹੋਣਗੇ। ਸਿੰਡੀਕੇਟ ਨੂੰ ਪੂਰੀ ਤਰ੍ਹਾਂ ਨਾਮਜ਼ਦ ਬਣਾ ਦਿੱਤਾ ਗਿਆ ਹੈ, ਜਿਸ ਨਾਲ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋ ਗਈ ਹੈ, ਜੋ ਪੰਜਾਬ ਦੇ ਹੱਕਾਂ ’ਤੇ ਕੇਂਦਰ ਦਾ ਘਿਨੌਣਾ ਹਮਲਾ ਹੈ। ਉਨ੍ਹਾਂ ਕਿਹਾ ਕਿ 59 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਯੂਨੀਵਰਸਿਟੀ ਦੀ ਲੋਕਤੰਤਰੀ ਵਿਵਸਥਾ ਨੂੰ ਢਾਹ ਲਾਈ ਗਈ ਹੋਵੇ। ਸ੍ਰੀ ਧਾਲੀਵਾਲ ਨੇ ਕਿਹਾ ਕਿ ਗ੍ਰੈਜੂਏਟ ਕਾਂਸਟਚੁੁੂਐਂਸੀ ਖ਼ਤਮ ਕਰ ਕੇ ਅਤੇ ਮੈਂਬਰਾਂ ਨੂੰ ਘਟਾ ਕੇ ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਇਹ ਫ਼ੈਸਲਾ ਪੰਜਾਬੀ ਵਿਰਾਸਤ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਲੜਾਈ ਲੜੇਗੀ ਤੇ ਜੇਕਰ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਵਿਰੋਧ ਕੀਤਾ ਜਾਵੇਗਾ। ਸ੍ਰੀ ਧਾਲੀਵਾਲ ਨੇ ਅਪੀਲ ਕੀਤੀ ਕਿ ਸਾਰੇ ਪੰਜਾਬੀ ਇਕੱਠੇ ਹੋ ਕੇ ਇਸ ਅਨਿਆਂ ਵਿਰੁੱਧ ਆਵਾਜ਼ ਚੁੱਕਣ।
