ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਅਕਤੂਬਰ
ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਸੰਗਰੂਰ ਜ਼ਿਲ੍ਹੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਚੰਗਾਲ ਦੇ ਕਿਸਾਨ ਹਰਦਿਆਲ ਸਿੰਘ ਵੱਲੋਂ ਲਿਆਂਦੀ ਗਈ ਫ਼ਸਲ ਦੀ ਖ਼ਰੀਦ ਕਰਵਾਈ ਗਈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖ਼ਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲਗਭਗ 11 ਲੱਖ 50 ਹਜ਼ਾਰ ਮੀਟਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ’ਚੋਂ ਤਕਰੀਬਨ 10 ਲੱਖ 50 ਹਜ਼ਾਰ ਮੀਟਰਿਕ ਟਨ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਂਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ’ਚ 800 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।