ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਰੋਸ ਧਰਨਿਆਂ ’ਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੇਸ਼ ਨੂੰ ਬਰਬਾਦੀ ਵੱਲ ਲਿਜਾਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਘਰੇਲੂ ਅਤੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ ’ਚ ਲੱਗ ਰਹੇ ਕੱਟਾਂ ਉੱਪਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਭਾਜਪਾ ਦੀਆਂ ਦੇਸ਼ ਦੇ ਅੰਨਦਾਤਾ ਪ੍ਰਤੀ ਨਫ਼ਰਤ ਅਤੇ ਹਿੰਸਾ ਭਰੀਆਂ ਕਾਰਵਾਈਆਂ ਖ਼ਿਲਾਫ਼ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ।
ਸਥਾਨਕ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਦਾ ਪੱਕਾ ਰੋਸ ਧਰਨਾ ਜਾਰੀ ਹੈ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਇੱਥੇ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਜਾਰੀ ਹਨ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਕਾਰਨ ਦੁਨੀਆਂ ਭਰ ਵਿਚ ਮੋਦੀ ਸਰਕਾਰ ਦੀ ਹੋ ਰਹੀ ਕਿਰਕਰੀ ਤੋਂ ਭਾਜਪਾ ਬੌਖਲਾਹਟ ਵਿਚ ਹੈ। ਇਸ ਲਈ ਭਾਜਪਾ ਆਗੂ ਹਿੰਸਕ ਕਾਰਵਾਈਆਂ ’ਤੇ ਉੱਤਰ ਆਏ ਹਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਦਿਨਾਂ ’ਚ ਖੇਤੀ ਟਿਊਬਵੈਲਾਂ ਅਤੇ ਘਰੇਲੂ ਬਿਜਲੀ ਸਪਲਾਈ ਵਿਚ ਵੱਡੇ ਵੱਡੇ ਕੱਟ ਲਗਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਵਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ’ਤੇ 375ਵੇਂ ਦਿਨ ਵੀ ਧਰਨਾ ਜਾਰੀ ਰੱਖਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਬਘੇਲ ਸਿੰਘ ਮਾਝੀ, ਅੰਗਰੇਜ਼ ਸਿੰਘ ਮਾਝੀ, ਦਵਿੰਦਰ ਸਿੰਘ ਬਖੋਪੀਰ, ਸੁਖਦੇਵ ਸਿੰਘ ਮਾਝਾ, ਜੋਰਾ ਸਿੰਘ, ਭਰਪੂਰ ਸਿੰਘ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਯੂਪੀ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਸ਼ਹੀਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ’ਤੇ ਵੀ ਧਰਨਾ ਜਾਰੀ ਰੱਖਿਆ ਗਿਆ।
ਅਮਰਗੜ੍ਹ (ਰਾਜਿੰਦਰ ਜੈਦਕਾ): ਕਿਰਤੀ ਕਿਸਾਨ ਸੁਸਾਇਟੀ ਆਫ ਪੰਜਾਬ ਵੱਲੋਂ ਟੌਲ ਪਲਾਜ਼ਾ ਮਾਹੋਰਾਣਾ ’ਤੇ ਖਸਖਸ ਦੀ ਖੇਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਬਿੱਲੂ ਮਾਜਰਾ, ਗੁਰਦੇਵ ਸਿੰਘ ਸੰਗਾਲਾ, ਲਾਭ ਸਿੰਘ ਫਰੀਦਕੋਟ, ਸਰਬਜੀਤ ਸਿੰਘ ਆਦਿ ਨੇ ਖਸਖਸ ਦੀ ਖੇਤੀ ਦੇ ਫ਼ਾਇਦੇ ਗਿਣਾਏ। ਉਨ੍ਹਾਂ ਕਿਹਾ ਕਿ ਅਫੀਮ ਦੀ ਖੇਤੀ ਨਾਲ ਆਰਥਿਕ ਤੰਗੀ ਨਾਲ ਜੂਝਦੀ ਹੋਈ ਕਿਸਾਨੀ ਨੂੰ ਮੁੜ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ, ਉੱਥੇ ਹੀ ਰਸਾਇਣਿਕ ਨਸ਼ਿਆਂ ਤੋਂ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ।
ਦੇਸ਼ ਦਾ ਨਿੱਜੀਕਰਨ ਕੀਤਾ ਜਾ ਰਿਹੈ: ਪੇਧਨੀ
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ 372ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਮਤਰੇਏ ਪੁੱਤ ਸਮਝਦੇ ਹੋਏ ਪੱਖਪਾਤ ਕਰ ਰਹੀ ਹੈ। ਉਨ੍ਹਾਂ ਕਿਹਾ ਦੇਸ਼ ਨੂੰ ਨਿੱਜੀਕਰਨ ਵੱਲ ਧੱਕ ਰਹੇ ਪ੍ਰਧਾਨ ਮੰਤਰੀ ਕੋਲੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਹਰ ਕੁਰਬਾਨੀ ਦਿੱਤੀ ਜਾਵੇਗੀ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਕਿਰਪਾਲ ਸਿੰਘ ਰਾਜੋਮਾਜਰਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਲੱਡਾ, ਗੁਰੀ ਮਾਨ ਧੂਰੀ ਆਦਿ ਹਾਜ਼ਰ ਸਨ।