ਨਿਜੀ ਪੱਤਰ ਪ੍ਰੇਰਕ
ਸੰਗਰੂਰ, 23 ਸਤੰਬਰ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮੰਨੀਆਂ ਮੰਗਾਂ ਲਾਗੂ ਕਰਾਉਣ ਅਤੇ ਬਾਕੀ ਮੰਗਾਂ ਮੰਨਵਾਉਣ ਲਈ ਸਿਆਸੀ ਪਾਰਟੀਆਂ ਤੋਂ ਝਾਕ ਛੱਡ ਕੇ ਸਿਰੜੀ ਤੇ ਸਾਂਝੇ ਘੋਲਾਂ ਦੀ ਉਸਾਰੀ ਲਈ ਡਟਣ ਅਤੇ ਦ੍ਰਿੜ੍ਹ ਸੰਘਰਸ਼ ਦੇ ਰਾਹ ਪੈ ਕੇ ਲੋਕ ਦੋਖੀ, ਜਗੀਰਦਾਰਾ ਅਤੇ ਸਾਮਰਾਜ ਪੱਖੀ ਨੀਤੀਆਂ ਬਦਲਣ ਦਾ ਸੱਦਾ ਦਿੱਤਾ ਹੈ। ਯੂਨੀਅਨ ਵਲੋਂ 27 ਸਤੰਬਰ ਦੇ ਭਾਰਤ ਬੰਦ ਅਤੇ 28 ਨੂੰ ਭਾਕਿਯੂ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤੀ ਜਾ ਰਹੀ ‘ਸਾਮਰਾਜ ਵਿਰੋਧੀ ਕਾਨਫਰੰਸ ’ ਵਿਚ ਸ਼ਾਮਲ ਹੋ ਕੇ ਕਿਸਾਨ-ਮਜ਼ਦੂਰਾਂ ਦੀ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨਾ ਸਿਰਫ਼ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ ਹੈ, ਸਗੋਂ ਬੀਤੇ ਦਿਨੀਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗਾਂ ਸਮੇਂ ਕੀਤੇ ਫੈਸਲੇ ਲਾਗੂ ਕਰਨ ਤੋਂ ਵੀ ਟਾਲ ਮਟੋਲ ਕਰ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਜਥੇਬੰਦੀ ਵੱਲੋਂ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।