ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ’ਤੇ ਹਮਲੇ ਦਾ ਮਾਮਲਾ ਭਖ਼ਿਆ

ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਐੱਸਐੱਸਪੀ ਨੂੰ ਮਿਲਿਆ; 28 ਜੂਨ ਨੂੰ ਮੂਨਕ ’ਚ ਮੁਜ਼ਾਹਰੇ ਦਾ ਐਲਾਨ
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 27 ਜੂਨ

Advertisement

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ’ਤੇ ਹੋਏ ਹਮਲੇ ਦਾ ਮਾਮਲਾ ਭਖ਼ ਗਿਆ ਹੈ। ਅੱਜ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਵਫ਼ਦ ਵੱਲੋਂ ਜਿੱਥੇ ਐੱਸਐੱਸਪੀ ਅਤੇ ਐੱਸਪੀ ਨੂੰ ਮਿਲ ਕੇ ਇਰਾਦਾ ਕਤਲ ਅਤੇ ਐੱਸਸੀਐੱਸਟੀ ਐਕਟ ਤਹਿਤ ਕੇਸ ਦਰਜ ਕਰਕੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਉੱਥੇ 28 ਜੂਨ ਨੂੰ ਮੂਨਕ ਵਿੱਚ ਖੇਤ ਮਜ਼ਦੂਰ ਯੂਲੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਸ ਮੁਜ਼ਾਹਰੇ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ ਇਸ ਮੁਜ਼ਾਹਰੇ ’ਚ ਜ਼ਿਲ੍ਹੇ ਦੀਆਂ ਹੋਰ ਜਨਤਕ ਜਥੇਬੰਦੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜਨਤਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੋਂ ਇਲਾਵਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਲਖਵੀਰ ਸਿੰਘ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂ ਦਾਤਾ ਸਿੰਘ, ਪੀਐੱਸਯੂ ਸ਼ਹੀਦ ਰੰਧਾਵਾ ਦੇ ਸੂਬਾਈ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਆਗੂ ਬਲਵੀਰ ਚੰਦ ਲੌਂਗੋਵਾਲ ਤੇ ਜੁਝਾਰ ਸਿੰਘ ਹਾਜ਼ਰ ਸਨ, ਜਿਨ੍ਹਾਂ ਮੂਣਕ ਮੁਜ਼ਾਹਰੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ। ਆਗੂਆਂ ਨੇ ਦੋਸ਼ ਲਾਇਆ ਕਿ ਹਮਲਾਵਰਾਂ ਨੂੰ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਦੀ ਸਿਆਸੀ ਸਰਪ੍ਰਸਤੀ ਹਾਸਲ ਹੈ, ਜਿਸ ਕਾਰਨ ਪੁਲੀਸ ਵਲੋਂ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ।

ਆਗੂਆਂ ਨੇ ਦੱਸਿਆ ਕਿ ਜਨਤਕ ਜਥੇਬੰਦੀਆਂ ਦੇ ਵਫ਼ਦ ਵਲੋਂ ਅੱਜ ਐੱਸਐੱਸਪੀ ਸੰਗਰੂਰ ਨੂੰ ਮਿਲ ਕੇ ਘਟਨਾ ਤੋਂ ਜਾਣੂ ਕਰਵਾ ਦਿੱਤਾ ਹੈ ਕਿ ਘੇਰ ਕੇ ਕੀਤੇ ਜਾਨਲੇਵਾ ਹਮਲੇ ਦੇ ਮਾਮਲੇ ’ਚ ਮਾਮੂਲੀ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਤੇ ਐੱਸਸੀ ਐੱਸਟੀ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪਿੰਡ ਗੋਬਿੰਦਪੁਰ ਪਾਪੜਾ ਦੇ ਐੱਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਠੇਕੇ ’ਤੇ ਲਈ ਪੰਚਾਇਤੀ ਜ਼ਮੀਨ ’ਚ ਬੀਜੀਆਂ ਸਬਜ਼ੀਆਂ ਵਾਹੁਣ ਵਾਲੇ ਪੰਚਾਇਤ ਦੇ ਨੁਮਾਇੰਦਿਆਂ ’ਤੇ ਐੱਸਸੀਐੱਸਟੀ ਐਕਟ ਤਹਿਤ ਕੇਸ ਦਰਜ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਐੱਸਐੱਸਪੀ ਵੱਲੋਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਜ਼ੇਰੇ ਇਲਾਜ ਮਜ਼ਦੂਰ ਆਗੂ ਹਰਭਗਵਾਨ ਸਿੰਘ ਦਾ ਤਰਮੀਮਾ ਬਿਆਨ ਲਿਖ ਕੇ ਬਣਦੀਆਂ ਹੋਰਨਾਂ ਧਰਾਵਾਂ ਦਾ ਵਾਧਾ ਕੀਤਾ ਜਾਵੇਗਾ।

Advertisement