ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ
ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰ ਕੇ ਕੀਤੀ ਹੜਤਾਲ ਦੌਰਾਨ ਸਥਾਨਕ ਡਿੱਪੂ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲ ਦੌਰਾਨ ਮੁਸਾਫ਼ਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਯੂਨੀਅਨ ਦੇ ਸੰਗਰੂਰ ਡਿੱਪੂ ਪ੍ਰਧਾਨ ਜਸਵਿੰਦਰ ਸਿੱਘ ਜੱਸੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਸਦਕਾ ਪਿਛਲੇ ਸਮੇਂ ਤਨਖ਼ਾਹ ਵਿੱਚ 30 ਫੀਸਦੀ ਅਤੇ ਹਰ ਸਾਲ 5 ਫੀਸਦੀ ਵਾਧੇ ਦੀ ਮੰਗ ਮਨਵਾਈ ਗਈ ਸੀ, ਪਰ ਮੌਜੂਦਾ ਸਰਕਾਰ ਪਿਛਲੇ ਇੱਕ ਸਾਲ ਤੋਂ ਮੰਨੀਆਂ ਮੰਗਾਂ ਲਾਗੂ ਨਹੀਂ ਕਰ ਰਹੀ। ਇਸ ਮੌਕੇ ਯੂਨੀਅਨ ਆਗੂ ਹਰਪ੍ਰੀਤ ਸਿੰਘ ਗਰੇਵਾਲ, ਸੁਖਜਿੰਦਰ ਸਿੰਘ, ਕਰਮਜੀਤ ਸਿੰਘ ਕਰਮਾ, ਮਨਪ੍ਰੀਤ ਸਿੰਘ, ਹਰਸੇਵਕ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ ਹੈਪੀ ਤੇ ਪਰਮਿੰਦਰ ਸਿੰਘ ਜੱਸੜ ਆਦਿ ਮੌਜੂਦ ਸਨ। ਬਾਅਦ ਦੁਪਹਿਰ ਯੂਨੀਅਨ ਆਗੂਆਂ ਨੇ ਦੱਸਿਆ ਕਿ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ 29 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਬਾਅਦ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਮੰਗਾਂ ਸਬੰਧੀ ਬਣੀ ਸਹਿਮਤੀ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।