ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਲਾਕੇ ਦੇ ਪਿੰਡ ਰਾਏਧਰਾਣਾ ਸਮੇਤ ਹੋਰਾਂ ਪਿੰਡਾਂ ਵਿੱਚ ਅਕਾਲੀ ਦਲ ਤੇ ਪੰਥਕ ਦਲਾਂ ਦੀ ਸਾਂਝੀ ਉਮੀਦਵਾਰ ਬੀਬੀ ਕਮਲਦੀਪ ਕੌਰ ਦੇ ਹੱਕ ’ਚ ਚੋਣ ਰੈਲੀਆਂ ਕੀਤੀਆਂ।
ਰੈਲੀਆਂ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਤਿੰਨ ਮਹੀਨਿਆਂ ’ਚ ਹੀ ਪੰਜਾਬ ਅਰਾਜਕਤਾ ਦੀ ਭੱਠੀ ਵਿੱਚ ਸੜ ਰਿਹਾ ਹੈ ਅਤੇ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਹਵਾਵਾਂ ਦਾ ਆਨੰਦ ਲੈਣ ਜਾ ਰਹੇ ਹਨ। ਪ੍ਰੋ . ਚੰਦੂਮਾਜਰਾ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਅਦਾਲਤਾਂ ਵੱਲੋਂ ਸੁਣਾਈਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਜੇਲ੍ਹਾਂ ਵਿੱਚ ਬੰਦ ਹਨ। ਇਸ ਲਈ ਉਨ੍ਹਾਂ ਦੀ ਜਿੱਤ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਗਰ ਸਿੱਧ ਹੋਵੇਗੀ। ਇਸ ਮੌਕੇ ਜਥੇਦਾਰ ਵਿਰਸਾ ਸਿੰਘ ਵਲਟੋਹਾ, ਨਿਰਮਲ ਸਿੰਘ ਹਰਿਆਊ, ਬਿੰਦਰ ਸਿੰਘ, ਪੰਚ ਜਥੇਦਾਰ ਜੰਗ ਸਿੰਘ, ਬਲਦੇਵ ਸਿੰਘ ਤੇ ਕਾਲਾ ਸਿੰਘ ਹਾਜ਼ਰ ਸਨ।