ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 5 ਸਤੰਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਵਰਗੀ ਚਿਤਵੰਤ ਸਿੰਘ ਯਾਦਗਾਰੀ ਸਟੇਡੀਅਮ ਕੌਹਰੀਆਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਪੰਜਾਬ ’ਚ ਖਿਡਾਰੀਆਂ ਨੂੰ ਆਪਣੀ ਖੇਡ ਦਾ ਮੁਜ਼ਾਹਰਾ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ, ਉੱਥੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਿੱਖਿਆ ਨੂੰ ਤਰਜੀਹ ਖੇਤਰ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਤਬਦੀਲੀਆਂ ਲਿਆਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਹਿੱਤ ਜਿਥੇ ਵੀ ਕੋਈ ਘਾਟ ਨਜ਼ਰ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਗੈਰ ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਐੱਸਡੀਐੱਮ ਰਾਜੇਸ਼ ਸਮਰਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਘੁਮਾਣ ਤੇ ਸਰਪੰਚ ਗੁਰਪ੍ਰੀਤ ਸਿੰਘ ਕੌਹਰੀਆਂ ਆਦਿ ਹਾਜ਼ਰ ਸਨ।