ਕੈਬਨਿਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਜਨਮਭੂਮੀ ਪਿੰਡ ਗਿਦੜਿਆਣੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਮੈਂਬਰਾਂ ਨੂੰ ਸੌਂਪੇ। ਇਸ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ ਅਤੇ ਮਿਸਾਲੀ ਵਿਕਾਸ ਕਾਰਜਾਂ ਸਦਕਾ ਸੂਬੇ ਦੇ ਹਰ ਵਰਗ ਵਿੱਚ ‘ਆਪ’ ਸਰਕਾਰ ਪ੍ਰਤੀ ਭਾਰਤ ਉਤਸ਼ਾਹ ਪਾਇਆ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦਿੱਤੀ ਹੈ। ਸੂਬੇ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ‘ਸਿੱਖਿਆ ਕ੍ਰਾਂਤੀ’ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਮਾਰਟ ਕਲਾਸਰੂਮ ਬਣਾਏ ਗਏ ਹਨ। ਇਸੇ ਤਰ੍ਹਾਂ ਸਿਹਤ ਖੇਤਰ ਵਿੱਚ 900 ਤੋਂ ਵੱਧ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੇ ਦਮ ’ਤੇ 2027 ਦੀਆਂ ਆਗਾਮੀ ਚੋਣਾਂ ਵਿੱਚ ਆਮ ਲੋਕਾਂ ਦੀ ਸਰਕਾਰ ਮੁੜ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਲਈ ਨਵੀਆਂ ਨੀਤੀਆਂ ਲਿਆਂਦੀਆਂ ਗਈਆਂ ਹਨ ਤੇ ਰੁਜ਼ਗਾਰ ਸਿਰਜਣ ’ਤੇ ਵੀ ਧਿਆਨ ਦਿੱਤਾ ਗਿਆ ਹੈ। ਇਹ ਫੈਸਲੇ ਅਤੇ ਯੋਜਨਾਵਾਂ ਪੰਜਾਬ ਨੂੰ ਤਰੱਕੀ ਦੀ ਨਵੀਂ ਲੀਹ ‘ਤੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀਆਂ ਹਨ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

