ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ। ਇਸ ਚੈਕਿੰਗ ਦੌਰਾਨ ਹਸਪਤਾਲ ਦੀ ਓ ਪੀ ਡੀ, ਅਪਰੇਸ਼ਨ ਥੀਏਟਰ, ਵਾਰਡ, ਐਮਰਜੈਂਸੀ ਸਿਹਤ ਸੇਵਾਵਾਂ, ਜ਼ੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ ਸੀ ਟੀ ਸੀ ਸੈਂਟਰ ਆਦਿ ਦਾ ਨਿਰੀਖਣ ਕੀਤਾ। ਉਨ੍ਹਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਿਆ। ਉਨ੍ਹਾਂ ਹਸਪਤਾਲ ’ਚ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਾਉਣ ਲਈ ਵੀ ਹਦਾਇਤ ਕੀਤੀ। ਉਨ੍ਹਾਂ ਸੰਸਥਾਗਤ ਜਣੇਪੇ ਵਧਾਉਣ ’ਤੇ ਜ਼ੋਰ ਦੇਣ ਲਈ ਵੀ ਹਦਾਇਤ ਕੀਤੀ। ਡਾ. ਅਮਰਜੀਤ ਕੌਰ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਨ੍ਹਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪ੍ਰਤਿਮਾ ਛਾਬੜਾ ਸਿੰਗਲਾ, ਸੀਨੀਅਰ ਮੈਡੀਕਲ ਅਫਸਰ ਡਾ. ਨਿਧੀ ਸਤੀਸ਼ ਮਿੱਤਲ, ਕਾਰਜਕਾਰੀ ਐੱਸ ਐੱਮ ਓ ਡਾ. ਕਰਮਦੀਪ ਸਿੰਘ ਕਾਹਲ, ਜ਼ਿਲ੍ਹਾ ਸਮੂਹ ਸਿੱਖਿਆ ਅਫਸਰ ਕਰਨੈਲ ਸਿੰਘ, ਏ ਐੱਚ ਏ ਸੁਹਾਨੀ ਹਿਨਾ ਅਤੇ ਸਮੂਹ ਸਟਾਫ ਹਾਜ਼ਰ ਸੀ।
