ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ,12 ਮਈ
ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਤਹਿਸੀਲ ਮਾਲੇਰਕੋਟਲਾ ਦੇ ਪ੍ਰਧਾਨ ਨੇਤਰ ਸਿੰਘ ਮੰਨਵੀ ਅਤੇ ਹਸਪਤਾਲ ਇਕਾਈ ਦੇ ਪ੍ਰਧਾਨ ਹਾਕਮ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਸਫ਼ਾਈ ਸੇਵਕਾਂ ਵੱਲੋਂ ਕਿਰਤ ਕਾਨੂੰਨਾਂ ਮੁਤਾਬਕ ਸਮੇਂ ਸਿਰ ਪੂਰੀ ਤਨਖ਼ਾਹ ਨਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਸੀ ਜਿਸ ਦੌਰਾਨ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਐੱਸ.ਐੱਮ.ਓ ਡਾ. ਜਗਜੀਤ ਸਿੰਘ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਕਿਰਤ ਕਾਨੂੰਨਾਂ ਮੁਤਾਬਕ ਬਣਦੀ ਪੂਰੀ ਤਨਖ਼ਾਹ, ਸਹੂਲਤਾਂ ਦੇਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ, ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਠੇਕੇਦਾਰ ਵੱਲੋਂ ਕਿਰਤ ਕਾਨੂੰਨਾਂ ਦੀ ਉਲੰਘਣਾ ਕੀਤੀ ਅਤੇ ਸਮੇਂ ਸਿਰ ਬਣਦੀ ਪੂਰੀ ਤਨਖ਼ਾਹ ਬੈਂਕ ਰਾਹੀਂ ਨਾ ਦਿੱਤੀ ਤਾਂ ਠੇਕੇਦਾਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਪਰ ਅਫ਼ਸੋਸ ਹੈ ਕਿ ਠੇਕੇਦਾਰ ਵੱਲੋਂ ਕਰਮਚਾਰੀਆਂ ਨੂੰ ਤਨਖ਼ਹ ਤਾਂ ਕੀ ਦੇਣੀ ਸੀ। ਮਹੀਨਾ ਮਾਰਚ-ਅਪਰੈਲ ਦੀ ਤਨਖ਼ਾਹ ਦੇ ਅਜੇ ਤੱਕ ਬਿਲ ਤੱਕ ਬਣਾ ਕੇ ਦਫ਼ਤਰ ਪੇਸ਼ ਨਹੀਂ ਕੀਤੇ ਗਏ। ਆਗੂਆਂ ਕਿਹਾ ਕਿ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਵਿੱਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ।
ਸੂਬਾਈ ਮੁਲਾਜ਼ਮ ਆਗੂ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਇਸ ਸਬੰਧੀ ਸਿਵਲ ਸਰਜਨ ਮਾਲੇਰਕੋਟਲਾ ਨੂੰ ਵੀ ਲਿਖਤੀ ਤੌਰ ’ਤੇ ਜਾਣੂ ਵੀ ਕਰਵਾਇਆ ਗਿਆ ਹੈ, ਜਿਸ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।