ਹਰਦੀਪ ਸਿੰਘ ਸੋਢੀ
ਧੂਰੀ, 18 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਧੂਰੀ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਹੇਠ 442ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਕਿਸਾਨਾਂ-ਮਜ਼ਦੂਰਾਂ ਦਾ ਅੰਦੋਲਨ ਭਾਵੇਂ ਖ਼ਤਮ ਹੋ ਚੁੱਕਾ ਹੈ ਪਰ ਟੌਲ ਪਲਾਜ਼ਾ ਕੰਪਨੀਆਂ ਵੱਲੋਂ ਟੌਲ ਕਿਰਾਇਆ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਫ਼ੈਸਲੇ ਮੁਤਾਬਕ ਟੌਲ ਕੰਪਨੀਆਂ ਨੂੰ ਲੋਕਾਂ ਦੀ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿਸਾਨ ਯੂਨੀਅਨ ਲੋਕਾਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਪੇਧਨੀ ਸਣੇ ਹੋਰ ਕਿਸਾਨ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ ਅੱਜ ਵੀ ਧਰਨਾ ਜਾਰੀ ਰਿਹਾ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਸਦਕਾ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਤੇ ਕਿਸਾਨ ਜਥੇਬੰਦੀਆਂ ਨੇ ਦਿੱਲੀ ਸਣੇ ਸੂਬਾਈ ਮੋਰਚੇ ਵੀ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਟੌਲ ਕੰਪਨੀਆਂ ਨੇ ਟੌਲ ਟੈਕਸ ਵਿਚ ਵੱਡਾ ਵਾਧਾ ਕਰ ਦਿੱਤਾ ਸੀ। ਇਸ ਨਾਲ ਲੋਕਾਂ ਦੀ ਸਿੱਧੀ ਲੁੱਟ ਦਾ ਰਾਹ ਪੱਧਰਾ ਹੋ ਗਿਆ ਸੀ। ਪਰ ਜਥੇਬੰਦੀ ਦੇ ਫ਼ੈਸਲੇ ਮੁਤਾਬਕ ਟੌਲ ਫੀਸਾਂ ਦੀ ਦਰ ਪਹਿਲਾਂ ਵਾਲੀ ਰੱਖਣ ਤਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਟੈਕਸ ਦਰਾਂ ਪਹਿਲਾਂ ਵਾਲੀਆਂ ਨਹੀਂ ਹੁੰਦੀਆਂ ਇਲਾਕੇ ਦੇ ਕਿਸਾਨ-ਮਜ਼ਦੂਰ ਪਹਿਲਾਂ ਵਾਂਗ ਹੀ ਧਰਨੇ ’ਤੇ ਡਟੇ ਰਹਿਣਗੇ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਵੀ ਟੌਲ ਪਲਾਜ਼ਾ ਮਾਝੀ ’ਤੇ ਧਰਨਾ ਜਾਰੀ ਰੱਖਿਆ ਗਿਆ।
ਸੰਯੁਕਤ ਮੋਰਚੇ ਦੇ ਹੁਕਮਾਂ ਤਕ ਡਟੇ ਰਹਾਂਗੇ: ਸਵਾਜਪੁਰ
ਪਟਿਆਲਾ (ਸਰਬਜੀਤ ਸਿੰਘ ਭੰਗੂ): ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਮੋਰਚੇ ਦੀ ਜਿੱਤ ਮਗਰੋਂ ਭਾਵੇਂ ਕਿ ਕਿਸਾਨਾਂ ਵੱਲੋਂ ਪੰਜਾਬ ਵਿਚ ਵੱਖ ਵੱਖ ਥਾਵਾਂ ’ਤੇ ਲਾਏ ਧਰਨੇ ਤਾਂ ਪਿਛਲੇ ਦਿਨੀਂ ਸਮਾਪਤ ਕਰ ਦਿੱਤੇ ਗਏ ਸਨ ਪਰ ਪਟਿਆਲਾ ਜ਼ਿਲ੍ਹੇ ਵਿਚਲੇ ਟੌਲ ਪਲਾਜ਼ਿਆਂ ’ਤੇ ਅਜੇ ਕਿਸਾਨਾਂ ਦੇ ਧਰਨੇ ਜਾਰੀ ਹਨ। ਇਨ੍ਹਾਂ ਵਿਚੋਂ ਜ਼ੀਰਕਪੁਰ-ਬਠਿੰਡਾ ਹਾਈਵੇਅ ’ਤੇ ਪਟਿਆਲਾ-ਰਾਜਪੁਰਾ ਦੇ ਵਿਚਕਾਰ ਸਥਿਤ ਪਿੰਡ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਅੱਜ ਠੰਢ ਦੇ ਬਾਵਜੂਦ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਇਸ ਧਰਨੇ ’ਚ ਕੁਝ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਵੀ ਹਿੱਸਾ ਲੈਂਦੇ ਆ ਰਹੇ ਹਨ। ਇਸ ਧਰਨੇ ਦੀ ਅਗਵਾਈ ਸੁਰਜੀਤ ਸਿੰਘ ਫੂਲ ਦੀ ਅਗਵਾਈ ਵਾਲ਼ੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕੀਤੀ ਜਾ ਰਹੀ ਹੈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਇੰਦਰਮੋਹਨ ਘੁਮਾਣਾ ਤੇ ਜ਼ਿਲ੍ਹਾ ਕਨਵੀਨਰ ਹਰਜਿੰਦਰ ਸਿੰਘ ਚੀਮਾ (ਢੈਂਠਲ਼) ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਦੇ ਅਗਲੇ ਹੁਕਮਾਂ ਤੱਕ ਇਹ ਧਰਨਾ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਓਟ ਵਿਚ ਟੌਲ ਕੰਪਨੀਆਂ ਵੱਲੋਂ ਵਧਾਈਆਂ ਫੀਸਾਂ ਨਾਲ ਆਮ ਲੋਕਾਂ ’ਤੇ ਬੋਝ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੌਲ ਕਿਸਾਨਾਂ-ਮਜ਼ਦੂਰਾਂ ਦਾ ਨਹੀਂ ਬਲਕਿ ਸਮੂਹ ਲੋਕਾਂ ਦਾ ਮਸਲਾ ਹੈ ਇਸ ਲਈ ਆਮ ਲੋਕਾਂ ਨੂੰ ਇਸ ਵਧਾਈ ਫ਼ੀਸ ਦੀ ਲੁੱਟ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੇ ਨਾਲ ਨਾਲ ਆਮ ਲੋਕ ਵੀ ਧਰਨੇ ਵਿਚ ਸ਼ਮੂਲੀਅਤ ਕਰਨ ਤਾਂ ਕਿ ਇਹ ਮਸਲਾ ਜਲਦ ਹੱਲ ਕਰਵਾਇਆ ਜਾ ਸਕੇੇ।
ਡੀਸੀ ਦਫ਼ਤਰ ਸੰਗਰੁੂਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 20 ਤੋਂ 24 ਦਸੰਬਰ ਤੱਕ ਡੀਸੀ ਦਫ਼ਤਰ ਸੰਗਰੁੂਰ ਅੱਗੇ ਪੱਕੇ ਮੋਰਚੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਬਲਾਕ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ, ਹਰਜਿੰਦਰ ਸਿੰਘ ਨੰਗਲਾ, ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਅਤੇ ਹਰਭਗਵਾਨ ਭੁਟਾਲ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਅਨੁਸਾਰ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀਸੀ ਦਫ਼ਤਰਾਂ ਅੱਗੇ ਚਾਰ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕਰਨ ਦੀ ਮੰਗ ਵਿਚ ਮੁੱਖ ਤੌਰ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਨ, ਨਸ਼ੇ ਬੰਦ ਕਰਨ ਅਤੇ ਨਸ਼ਾ ਤਸਕਰੀ ਵਿਚ ਸ਼ਾਮਲ ਸਿਆਸੀ ਆਗੂ ਤੇ ਅਧਿਕਾਰੀਆਂ ਨੂੰ ਸਜ਼ਾਵਾਂ ਦੇਣ ਦੇ ਵਾਅਦੇ ਸ਼ਾਮਲ ਹਨ। ਇਸ ਤੋਂ ਇਲਾਵਾ ਬੇਰੁਜ਼ਗਾਰ ਅਧਿਆਪਕਾਂ ’ਤੇ ਮਾਨਸਾ ਵਿੱਚ ਕੀਤੇ ਲਾਠੀਚਾਰਜ ਦੇ ਜ਼ਿੰਮੇਵਾਰ ਡੀਐੱਸਪੀ ਖ਼ਿਲਾਫ਼ ਕੇਸ ਦਰਜ ਕਰਨ, ਯੂਰੀਆ ਦੀ ਕਿੱਲਤ ਦੂਰ ਕਰਨ ਅਤੇ ਟੌਲ ਪਲਾਜ਼ਾ ਭਾਅ ਵਿੱਚ ਕੀਤਾ ਵਾਧਾ ਰੱਦ ਕਰਨ ਸਣੇ ਟੌਲ ਪਲਾਜ਼ਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਦੀ ਮੰਗ ਸ਼ਾਮਲ ਹੈ।