ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਨਵੰਬਰ
ਸੇਵਾਵਾਂ ਰੈਗੂਲਰ ਕਰਾਉਣ ਦੀ ਮੰਗ ਲਈ ਸਿਹਤ ਸੇਵਾਵਾਂ ਠੱਪ ਕਰਕੇ ਬੇਮਿਆਦੀ ਹੜਤਾਲ ’ਤੇ ਚੱਲ ਰਹੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵੱਲੋਂ ਅੱਜ ਇੱਥੇ ਸਿਵਲ ਹਸਪਤਾਲ ਵਿੱਚ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਬੇਮਿਆਦੀ ਹੜਤਾਲ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਸਿਹਤ ਸੇਵਾਵਾਂ ਦਾ ਮੁਕੰਮਲ ਬਾਈਕਾਟ ਰਹੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਰੀਬ 500 ਐੱਨ.ਐੱਚ.ਐੱਮ. ਮੁਲਾਜ਼ਮ ਬੇਮਿਆਦੀ ਹੜਤਾਲ ’ਤੇ ਹਨ ਅਤੇ ਸਮੁੱਚੀਆਂ ਸਿਹਤ ਸੇਵਾਵਾਂ ਦਾ ਮੁਲਾਜ਼ਮਾਂ ਨੇ ਮੁਕੰਮਲ ਬਾਈਕਾਟ ਕੀਤਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੜਤਾਲ ਕਾਰਨ ਸਿਹਤ ਵਿਭਾਗ ਦੀਆਂ ਟੀਕਾਕਰਨ, ਜ਼ੱਚਾ-ਬੱਚਾ, ਐਮਰਜੈਂਸੀ, ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ, ਟੀ.ਬੀ.ਲੈਪਰੋਸੀ, ਕੋਵਿਡ ਅਤੇ ਡੇਂਗੂ ਆਦਿ ਪ੍ਰੋਗਰਾਮ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਮੁਲਾਜ਼ਮ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੜਤਾਲ ਉਨ੍ਹਾਂ ਦਾ ਸ਼ੌਕ ਨਹੀਂ ਮਜਬੂਰੀ ਹੈ ਕਿਉਂਕਿ ਐੱਨ.ਐੱਚ.ਐੱਮ. ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਸਿਹਤ ਵਿਭਾਗ ਦੇ ਐੱਨ.ਐੱਚ.ਐੱਮ. ਕਰੋਨਾ ਯੋਧਿਆਂ ਨੂੰ ਰੈਗੂਲਰ ਨਾ ਕਰਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ, ਜਦੋਂ ਕਿ ਇਹ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਰੈਗੂਲਰ ਕਰਮਚਾਰੀਆਂ ਦੇ ਮੁਕਾਬਲੇ ਬਹੁਤ ਹੀ ਘੱਟ ਤਨਖਾਹ ਲੈ ਰਹੇ ਹਨ। ਇਸ ਦੌਰਾਨ ਸਾਰੇ ਐੱਨ.ਐੱਚ.ਐੱਮ. ਕਾਮਿਆਂ ਵੱਲੋਂ ਹੜਤਾਲ ਅਣਮਿੱਥੇ ਸਮੇਂ ਤੱਕ ਅਤੇ ਰੈਗੂਲਰ ਕਰਨ ਦੀ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੈਗੂਲਰ ਕਰਨ ਲਈ ਦਸ ਸਾਲ ਦੀ ਲਗਾਈ ਸ਼ਰਤ ਬਿਲਕੁਲ ਗਲਤ ਹੈ। ਯੂਨੀਅਨ ਵਫ਼ਦ ਵੱਲੋਂ ਸਿਹਤ ਮੰਤਰੀ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਸੇਵਾ ਦਸ ਸਾਲ ਦੀ ਨਹੀਂ ਹੋਈ, ਉਨ੍ਹਾਂ ਮੁਲਾਜ਼ਮਾਂ ਨੂੰ ਪੇਅ ਸਕੇਲ ਪੂਰੇ ਦਿੱਤੇ ਜਾਣ। ਇਸ ਮੌਕੇ ਕਰਨੈਲ ਸਿੰਘ, ਕੀਰਤਨ ਕੌਰ, ਸੁਨੰਦਾ ਕਪਿਲ, ਵਿਪਨਜੀਤ ਕੌਰ, ਲਖਵਿੰਦਰ ਸ਼ਰਮਾ, ਡਾ. ਅਮਰਿੰਦਰ ਕੌਰ ਅਤੇ ਸੁਹਾਨੀ ਹਿਨਾ ਹਾਜ਼ਰ ਸਨ।
ਅਮਰਗੜ੍ਹ (ਰਾਜਿੰਦਰ ਜੈਦਕਾ): ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਅੱਜ ਸ਼ੋਸ਼ਣ ਤੋਂ ਤੰਗ ਆ ਕੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ, ਡਾ. ਰੁਬੀਨਾ, ਡਾ. ਕਮਲਪ੍ਰੀਤ , ਡਾ. ਨਿਸ਼ਾਤ, ਡਾ. ਸਾਹਿਦ, ਅਮਨਦੀਪ ਕੌਰ, ਨਗੀਨਾ ਸ਼ਰਮਾ ਤੇ ਗਗਨਦੀਪ ਸਿੰਗਲਾ ਆਦਿ ਨੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਕਿਹਾ ਕਿ ਉਹ ਪਿਛਲੇ 10 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ ਪਰ ਹੁਣ ਤੱਕ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।