ਕੰਪਿਊਟਰ ਅਧਿਆਪਕ ਤਨਖ਼ਾਹ ਤੋਂ ਵਾਂਝੇ
ਪੰਜਾਬ ਦੇ ਕੰਪਿਊਟਰ ਅਧਿਆਪਕ ਅਗਸਤ ਮਹੀਨੇ ਦੀ ਤਨਖਾਹ ਤੋਂ ਵਾਂਝੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਸਿੱਖਿਆ ਵਿਭਾਗ ਦੀ ਲਾਪ੍ਰਵਾਹੀ ਅਤੇ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਮਾੜੀ ਹਾਲਤ ਕਾਰਨ ਉਹ ਦੋਹਰੀ ਮਾਰ ਝੱਲ ਰਹੇ ਹਨ। ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਜਸਪਾਲ, ਜਤਿੰਦਰ ਸੋਢੀ, ਹਰਚਰਨ ਸਿੰਘ ਅਤੇ ਦਵਿੰਦਰ ਪਾਠਕ ਨੇ ਦੱਸਿਆ ਕਿ ਕਈ ਅਧਿਆਪਕਾਂ ਦੇ ਘਰ ਹੜ੍ਹ ਵਿੱਚ ਤਬਾਹ ਹੋ ਗਏ ਹਨ, ਫਸਲਾਂ ਨਸ਼ਟ ਹੋ ਚੁੱਕੀਆਂ ਹਨ ਅਤੇ ਪਰਿਵਾਰ ਗੰਭੀਰ ਆਰਥਿਕ ਸੰਕਟ ਵਿੱਚ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਅਜਿਹੀ ਸਥਿਤੀ ਵਿੱਚ ਬੱਚਿਆਂ ਦੀ ਫੀਸ ਭਰਨਾ, ਬੈਂਕਾਂ ਦੀਆਂ ਕਿਸ਼ਤਾਂ ਅਦਾ ਕਰਨਾ ਅਤੇ ਬਿਮਾਰ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣਾ ਵੀ ਮੁਸ਼ਕਿਲ ਹੋ ਗਿਆ ਹੈ। ਪੂਰੇ ਪੰਜਾਬ ਵਿਚ ਕੰਪਿਊਟਰ ਅਧਿਆਪਕ ਆਰਥਿਕ ਤੰਗੀ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਧੇ ਹਿੱਸੇ ਵਿੱਚ ਆਏ ਹੜ੍ਹ ਨੇ ਹਜ਼ਾਰਾਂ ਲੋਕਾਂ ਦਾ ਜੀਵਨ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਕਈ ਇਲਾਕਿਆਂ ਵਿੱਚ ਘਰ ਤਬਾਹ ਹੋ ਗਏ, ਫਸਲਾਂ ਬਰਬਾਦ ਹੋ ਗਈਆਂ ਅਤੇ ਲੋਕਾਂ ਦਾ ਰੋਜ਼ਮਰ੍ਹਾ ਦਾ ਜੀਵਨ ਸੰਕਟ ਵਿੱਚ ਆ ਗਿਆ। ਅਜਿਹੇ ਮੁਸ਼ਕਿਲ ਸਮੇਂ ਵਿੱਚ ਜਿੱਥੇ ਸਰਕਾਰ ਨੇ ਹਰ ਸੰਭਵ ਰਾਹਤ ਅਤੇ ਸਹਾਇਤਾ ਦੇਣ ਦੇ ਐਲਾਨ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਕਰਮਚਾਰੀਆਂ ਦੀਆਂ ਤਨਖਾਹਾਂ ਰੋਕਣ ਕਾਰਨ ਹਾਲਾਤ ਹੋਰ ਵਿਗੜਦੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਖਜ਼ਾਨੇ ਦੀ ਦੁਹਾਈ ਦੇ ਕੇ ਤਨਖਾਹ ਜਾਰੀ ਕਰਨ ਵਿੱਚ ਦੇਰੀ ਜਾਰੀ ਰੱਖੀ ਤਾਂ ਉਹ ਵੱਡੇ ਪੱਧਰ ’ਤੇ ਅੰਦੋਲਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।