Punjab Teachers Protest:ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ
ਕੇਸ ਰੱਦ ਕਰਵਾਉਣ ਲਈ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਣ ਦਾ ਫ਼ੈਸਲਾ
ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ, 5994 ਅਧਿਆਪਕਾਂ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਦੇ ਆਗੂਆਂ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕਰਨ ਦਾ ਮਾਮਲਾ ਗਰਮਾ ਗਿਆ ਹੈ। ਵੱਖ-ਵੱਖ ਜਮਹੂਰੀ, ਤਰਕਸ਼ੀਲ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਲੋਕਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ’ਤੇ ਹਮਲਾ ਕਰਾਰ ਦਿੱਤਾ ਹੈ।
ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਜਗਜੀਤ ਭੁਟਾਲ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ। ਉਨ੍ਹਾਂ ਪਿਛਲੇ ਸਾਲ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਨੇੜੇ ਚੱਲੇ ਲੰਮੇ ਸੰਘਰਸ਼ ਦੌਰਾਨ ਦਰਜ ਕੀਤੇ ਕੇਸ ਨੂੰ ਆਗੂਆਂ ਨੇ ਸੰਘਰਸ਼ ਨੂੰ ਦਬਾਉਣ ਦੀ ਸਾਜ਼ਿਸ਼ ਦੱਸਿਆ। ਇਸ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ, ਡੀ ਟੀ ਐੱਫ ਸੰਗਰੂਰ, ਜਮਹੂਰੀ ਅਧਿਕਾਰ ਸਭਾ ਅਤੇ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਕੇਸ ਰੱਦ ਕਰਵਾਉਣ ਲਈ 13 ਜੁਲਾਈ ਨੂੰ ਐੱਸ ਐੱਸ ਪੀ ਨੂੰ ਮਿਲਿਆ ਜਾਵੇ। ਇਸ ਮੌਕੇ ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ, ਗੁਰਦੀਪ ਸਿੰਘ, ਰਣਜੀਤ ਸਿੰਘ ਅਤੇ ਅਨਿਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।

