ਨਿਜੀ ਪੱਤਰ ਪ੍ਰੇਰਕ
ਸੰਗਰੂਰ, 18 ਸਤੰਬਰ
17 ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੇ ਗਏ ਐਲਾਨ ਨਾਲ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ ਹੈ। ਇਹ ਪ੍ਰਗਟਾਵਾ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫ਼ਤਿਹਪੁਰ ਤੇ ਹੋਰ ਆਗੂਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਸੰਘਰਸ਼ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਹਿਲ ਕਦਮੀ ਸਦਕਾ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿੱਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਤੇ ਉਨ੍ਹਾਂ ਦੇ ਰੈਗੂਲਰ ਆਰਡਰਾਂ ਅਨੁਸਾਰ ਸਿਵਲ ਸੇਵਾਵਾਂ ਨਿਯਮ ਲਾਗੂ ਕਰਨਾ ਤੇ 6ਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਦੇਣਾ ਸ਼ਾਮਲ ਹੈ, ਨੂੰ ਮੰਨਣ ਦਾ ਭਰੋਸਾ ਮਿਲਿਆ ਹੈ। ਸਿੱਖਿਆ ਮੰਤਰੀ ਅਨੁਸਾਰ ਉਨ੍ਹਾਂ ਦੀਆਂ ਇਹ ਮੰਗਾਂ ਦੀਵਾਲੀ ਤੱਕ ਮੰਨ ਲਈਆਂ ਜਾਣਗੀਆਂ ਜੋ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀਆਂ ਬਾਕੀ ਮੰਗਾਂ ਨੂੰ ਵੀ ਜਲਦ ਹੀ ਮੰਨ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਦੋਂ ਵੀ ਸਰਕਾਰ ਵੱਲੋਂ ਉਨ੍ਹਾਂ ਦੇ ਹੱਕ ਬਹਾਲ ਕੀਤੇ ਜਾਂਦੇ ਹਨ ਤਾਂ ਕੰਪਿਊਟਰ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਸ਼ੁਕਰਾਨਾ ਸਮਾਰੋਹ ਕੀਤਾ ਜਾਵੇਗਾ।