ਪੱਤਰ ਪ੍ਰੇਰਕ
ਮੂਨਕ, 17 ਜਨਵਰੀ
ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਚੋਟੀਆਂ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਹਲਕਾ ਲਹਿਰਾ ਦੀ ਬਿਲਕੁਲ ਸਾਰ ਨਹੀਂ ਲਈ, ਜਿਸ ਕਾਰਨ ਹਲਕੇ ਦੇ ਲੋਕ ਸਿਹਤ, ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਗਏ ਹਨ। ਸਰਕਾਰੀ ਹਸਪਤਾਲਾਂ ਦਾ ਬੁਰਾ ਹਾਲ ਹੈ। ਅਕਾਲੀ-ਬਸਪਾ ਸਰਕਾਰ ਆਉਣ ’ਤੇ ਲਹਿਰਾ ਹਲਕੇ ਦੇ ਪੇਂਡੂ ਖੇਤਰ ਵਿਚ ਡਿਸਪੈਂਸਰੀਆਂ ਵਿਚ ਲੋੜੀਂਦਾ ਸਟਾਫ ਤਾਇਨਾਤ ਕਰ ਕੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾ ਨੇ ਬੜੇ ਵੱਡੇ-ਵੱਡੇ ਸਿਆਸਤਦਾਨ ਪੈਦਾ ਕੀਤੇ ਹਨ ਪਰ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਸਿਆਸਤਦਾਨ ਨੇ ਇਸ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਬਸਪਾ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ।