Congress ਨੇ ਸ਼ੁਰੂ ਕੀਤੀ ‘ਮੈਂ ਵੀ ਗੁਲਜ਼ਾਰ’ ਮੁਹਿੰਮ, AAP ਨੇ ‘ਸਿਆਸੀ ਰੋਟੀਆਂ ਸੇਕਣ’ ਦੇ ਲਾਏ ਦੋਸ਼
ਕਾਂਗਰਸ ਵੱਲੋਂ ਪੀੜਤ ਪਰਿਵਾਰ ਦੇ ਹੱਕ ’ਚ DP ਕੰਪੇਨ ਰਾਹੀਂ ਇਨਸਾਫ਼ ਦੀ ਮੰਗ
ਸੰਗਰੂਰ ਦੇ ਇੱਕ ਦਲਿਤ ਦਿਹਾੜੀਦਾਰ ਮਜ਼ਦੂਰ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਹੁਣ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਦੇ ਸਮਰਥਨ ਵਿੱਚ ‘ਮੈਂ ਵੀ ਗੁਲਜ਼ਾਰ’ ਮੁਹਿੰਮ ਸ਼ੁਰੂ ਕੀਤੀ ਹੈ। ਕਾਂਗਰਸੀ ਆਗੂਆਂ ਦਾ ਦਾਅਵਾ ਹੈ ਕਿ ਇਸ ਮੁਹਿੰਮ ਦਾ ਉਦੇਸ਼ ਪੀੜਤ ਪਰਿਵਾਰ ਨੂੰ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣ ਵਿੱਚ ਮਦਦ ਕਰਨਾ ਹੈ।
ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਮੁਹਿੰਮ ਸਰਕਾਰ ’ਤੇ ਉਨ੍ਹਾਂ ਸਾਰੇ ਇਲਜ਼ਾਮੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਦਬਾਅ ਬਣਾਉਣ ਲਈ ਚਲਾਇਆ ਗਿਆ ਹੈ ਜਿਨ੍ਹਾਂ ਦੇ ਨਾਂ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਹਨ। ਸਿੰਗਲਾ ਨੇ ਕਿਹਾ ਕਿ ਪਰਿਵਾਰ ਨੇ ਇਲਜ਼ਾਮ ਲਾਇਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੇ ਉਨ੍ਹਾਂ ਨੂੰ ਰੀਤੀ-ਰਿਵਾਜਾਂ ਤੋਂ ਬਿਨਾਂ ਹੀ ਜਲਦਬਾਜ਼ੀ ਵਿੱਚ ਅੰਤਿਮ ਸੰਸਕਾਰ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ‘ਮੈਂ ਵੀ ਗੁਲਜ਼ਾਰ’ ਦੀ ਡੀ.ਪੀ. (DP) ਲਗਾ ਕੇ ਇਸ ਅੰਦੋਲਨ ਦਾ ਹਿੱਸਾ ਬਣਨ।
ਸੀਨੀਅਰ ਕਾਂਗਰਸੀ ਆਗੂ ਸਿੰਗਲਾ ਨੇ ਕਿਹਾ, “ਅਸੀਂ ਸਵਰਗੀ ਗੁਲਜ਼ਾਰ ਸਿੰਘ ਦੇ ਪਰਿਵਾਰ ਦੇ ਸਮਰਥਨ ਵਿੱਚ ‘ਮੈਂ ਵੀ ਗੁਲਜ਼ਾਰ’ ਡੀਪੀ ਮੁਹਿੰਮ ਸ਼ੁਰੂ ਕੀਤੀ ਹੈ। ਅਸੀਂ ਸੰਗਰੂਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ‘ਮੈਂ ਵੀ ਗੁਲਜ਼ਾਰ’ ਡੀਪੀ ਪੋਸਟ ਕਰਕੇ ਇਸ ਸਮੂਹਿਕ ਪਹਿਲਕਦਮੀ ਵਿੱਚ ਸ਼ਾਮਲ ਹੋਣ। ਨਾਲ ਹੀ, ਪਰਿਵਾਰ ਦੀ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਵਿੱਚ ਸਾਡੀ ਮਦਦ ਕਰੋ ਤਾਂ ਜੋ ਇਹ ਦਿਖਾਇਆ ਜਾ ਸਕੇ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਇਕੱਲੇ ਨਹੀਂ ਹਨ।”
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਵਾਇਰਲ ਹੋਈਆਂ ਵੀਡੀਓਜ਼ ਵਿੱਚ ਗੁਲਜ਼ਾਰ ਸਿੰਘ ਵੱਲੋਂ ਮੌਤ ਤੋਂ ਪਹਿਲਾਂ ਲਏ ਗਏ ਨਾਵਾਂ ’ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਵੀਡੀਓਜ਼ ਵਿੱਚੋਂ ਇੱਕ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂ ਵੀ ਸਾਹਮਣੇ ਆਇਆ ਹੈ, ਜਿਸ ਨਾਲ ਇਹ ਮਾਮਲਾ ਹੋਰ ਸੰਵੇਦਨਸ਼ੀਲ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਗੁਲਜ਼ਾਰ ਸਿੰਘ ਨੇ ਇੱਕ ਜਨਤਕ ਸਭਾ ਦੌਰਾਨ ਪਿੰਡ ਵਿੱਚ ‘ਚਿੱਟੇ’ ਦੀ ਵਿਕਰੀ ਸਬੰਧੀ ਮੰਤਰੀ ਤੋਂ ਸਵਾਲ ਪੁੱਛੇ ਸਨ, ਜਿਸ ਤੋਂ ਬਾਅਦ ਸਥਾਨਕ ‘ਆਪ’ ਆਗੂਆਂ ਵੱਲੋਂ ਉਸ ’ਤੇ ਮਾਫ਼ੀ ਮੰਗਣ ਲਈ ਕਥਿਤ ਤੌਰ ’ਤੇ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ।
ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਇੱਕ ਦੁਖਾਂਤਕ ਮੌਤ ’ਤੇ ਸਿਆਸੀ ਰੋਟੀਆਂ ਸੇਕਣ ਦਾ ਇਲਜ਼ਾਮ ਲਾਇਆ ਹੈ। ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਵਿਰੋਧੀ ਧਿਰਾਂ ਦੀ ਇਸ ਕਾਰਵਾਈ ਨੂੰ ‘ਗਿਰਝਾਂ ਦੀ ਰਾਜਨੀਤੀ’ (Vulture Politics) ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਹਰ ਦੁਖਦ ਘਟਨਾ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਪਹਿਲੀ ਵੀਡੀਓ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੂਜੀ ਵੀਡੀਓ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ
ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਇੱਕ ਦੁਖਾਂਤਕ ਮੌਤ ’ਤੇ ਸਿਆਸੀ ਰੋਟੀਆਂ ਸੇਕਣ ਦਾ ਇਲਜ਼ਾਮ ਲਾਇਆ ਹੈ। ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਵਿਰੋਧੀ ਧਿਰਾਂ ਦੀ ਇਸ ਕਾਰਵਾਈ ਨੂੰ ‘ਗਿਰਝਾਂ ਦੀ ਰਾਜਨੀਤੀ’ (Vulture Politics) ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਹਰ ਦੁਖਦ ਘਟਨਾ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਪਹਿਲੀ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੂਜੀ ਵੀਡੀਓ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

