ਕਾਂਗਰਸ ਵੱਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮੁਜ਼ਾਹਰਾ
ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੀ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦੇ ਨਿਰਦੇਸ਼ਾਂ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਸਥਾਨਕ ਸਰਹਿੰਦੀ ਗੇਟ ਅੱਗੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸੈਂਕੜੇ ਕਾਂਗਰਸੀ ਵਰਕਰਾਂ ਅਤੇ...
ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੀ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦੇ ਨਿਰਦੇਸ਼ਾਂ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਸਥਾਨਕ ਸਰਹਿੰਦੀ ਗੇਟ ਅੱਗੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਇਕੱਠੇ ਹੋ ਕੇ ਮੁੱਖ ਚੋਣ ਕਮਿਸ਼ਨਰ ਉਪਰ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਚੱਲਣ ਅਤੇ ਚੋਣਾਂ ਦੌਰਾਨ ਵਿਤਕਰੇਬਾਜ਼ੀ ਕਰਨ ਦੇ ਦੋਸ਼ ਲਾਏ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਮੁੱਖ ਤਰਜਮਾਨ ਅਨਵਰ ਮਹਿਬੂਬ, ਬਲਾਕ ਕਾਂਗਰਸ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਸੁਖਦੇਵ ਸਿੰਘ ਚੱਕ ਅਤੇ ਬਲਾਕ ਯੂਥ ਪ੍ਰਧਾਨ ਮੁਹੰਮਦ ਜਾਵੇਦ ਆਦਿ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੋ ਗਏ ਹਨ।
ਵਿਰੋਧੀ ਧਿਰਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਸੱਤਾਧਾਰੀ ਪਾਰਟੀ ਨੂੰ ਖੁੱਲ੍ਹੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਧਿਕਾਰੀ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕੀਤਾ ਜਾਵੇ। ਕਾਂਗਰਸ ਪਾਰਟੀ ਵੱਲੋਂ ਪਹਿਲਾਂ ਦਿੱਤੀਆਂ ਸ਼ਿਕਾਇਤਾਂ ’ਤੇ ਪਾਰਦਰਸ਼ੀ ਢੰਗ ਨਾਲ ਕਾਰਵਾਈ ਕੀਤੀ ਜਾਵੇ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਏ। ਕਾਂਗਰਸੀ ਨੇਤਾਵਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਚੋਣ ਕਮਿਸ਼ਨ ਨੂੰ ਅਹੁਦੇ ਤੋਂ ਲਾਂਭੇ ਨਾ ਕੀਤਾ ਗਿਆ ਤਾਂ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

