ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਸਤੰਬਰ
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਇਥੇ ਕਾਂਗਰਸੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦਿਆਂ ਰੋਸ ਮਾਰਚ ਕੀਤਾ ਗਿਆ ਤੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਬਿੱਲਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਰੋਸ ਮਾਰਚ ਤੇ ਧਰਨੇ ’ਚ ਆੜ੍ਹਤੀ ਐਸੋਸੀਏਸ਼ਨ ਦੀ ਅਗਵਾਈ ਹੇਠ ਆੜ੍ਹਤੀਏ ਵੀ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਹਲਕੇ ਦੇ ਹਰ ਵਰਗ ਨੂੰ ਇਨ੍ਹਾਂ ਕਾਲੇ ਬਿੱਲਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਅਨਿਲ ਘੀਚਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ ਤੇ ਸਾਬਕਾ ਬਲਾਕ ਪ੍ਰਧਾਨ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਬਿੱਲਾਂ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਦੀ ਸ਼ੁਰੂਆਤ ਕੀਤੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਨਿੱਜੀ ਮੁਫ਼ਾਦਾਂ ਲਈ ਮੋਦੀ ਸਰਕਾਰ ਦੇ ਹਰ ਗਲਤ ਫੈਸਲੇ ’ਚ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਵਿੱਚੋਂ ਅਸਤੀਫ਼ਾ ਦੇਣਾ ਵੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਚੁੱਕਿਆ ਗਿਆ ਕਦਮ ਹੈ। ਜੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਸੱਚੀ ਹਿਤੈਸ਼ੀ ਪਾਰਟੀ ਹੈ ਤਾਂ ਮੋਦੀ ਸਰਕਾਰ ਵੱਲੋਂ ਇਹ ਆਰਡੀਨੈਂਸ ਲਿਆਉਣ ਵੇਲੇ ਹੀ ਉਨ੍ਹਾਂ ਨਾਲੋਂ ਆਪਣਾ ਨਾਤਾ ਤੋੜ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਪਣਾ ਆਪ ਤੱਕ ਕੁਰਬਾਨ ਕਰਨਾ ਚਾਹਿਆ ਹੈ। ਇਸ ਮੌਕੇ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਕੌਰ ਸੈਣੀ, ਸੀਨੀਅਰ ਆਗੂ ਬਿੰਦਰ ਬਾਂਸਲ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਜੀਤ ਜਵੰਧਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਕਿਸਾਨ, ਮਜ਼ਦੂਰ ਤੇ ਆੜ੍ਹਤੀ ਵਿਰੋਧੀ ਖੇਤੀ ਬਿੱਲਾਂ ਦਾ ਅਸਰ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਖੇਤੀ ਪ੍ਰਧਾਨ ਸੂਬਿਆਂ ’ਤੇ ਜ਼ਿਆਦਾ ਪਵੇਗਾ। ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨ ਮਜ਼ਦੂਰ, ਦਸਤਕਾਰ ਤੇ ਛੋਟੇ ਵਪਾਰੀਆਂ ਨੂੰ ਭਾਰੀ ਆਰਥਿਕ ਸੱਟ ਵੱਜੇਗੀ।
ਸੁਨਾਮ ਉਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ) ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਥੇ ਨਵੀਂ ਅਨਾਜ ਮੰਡੀ ਵਿੱਚ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੁਨਾਮ ਰਾਜੇਸ਼ ਕਾਲਾ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਆੜ੍ਹਤੀ ਤੇ ਮਜ਼ਦੂਰਾਂ ਦੀ ਚੰਗੀ ਸ਼ਮੂਲੀਅਤ ਰਹੀ। ਰੋਸ ਪ੍ਰਦਰਸ਼ਨ ਮੌਕੇ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਨੀਸ਼ ਸੋਨੀ ਵੀ ਪਹੁੰਚੇ।
ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨ ਰਾਹੀਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਮਰਨ ਲਈ ਮਜ਼ਬੂਰ ਕਰ ਰਹੀ ਹੈ। ਇਸ ਬਿੱਲ ਦਾ ਇਕੋ ਇਕ ਮਕਸਦ ਉਦਯੋਗਪਤੀਆਂ ਦਾ ਘਰ ਭਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐੱਮਐੱਸਪੀ ਖਤਮ ਕਰਕੇ ਕਿਸਾਨਾਂ ਦੀਆਂ ਫਸਲਾਂ ਨੂੰ ਰੋਲਿਆ ਜਾਵੇਗਾ।
ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ) ਕੇਂਦਰ ਸਰਕਾਰ ਵੱਲੋਂ ਖੇਤੀ ਨਾਲ ਸਬੰਧਤ ਪਾਸ ਕੀਤੇ ਗਏ ਬਿੱਲਾਂ ਵਿਰੁੱਧ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਵੱਲੋਂ ਇਲਾਕੇ ਵਿੱਚ ਵੱਖ ਵੱਖ ਥਾਵਾਂ ’ਤੇ ਧਰਨੇ ਦੇ ਕੇ ਆਵਾਜਾਈ ਠੱਪ ਕੀਤੀ ਗਈ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਗਏ। ਪਿੰਡ ਤੋਲਾਵਾਲ ਵਿੱਚ ਪਿੰਡ ਦੇ ਸਰਪੰਚ ਮੇਵਾ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਚੀਮਾ-ਲਹਿਰਾਗਾਗਾ ਸੜਕ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਵੀ ਸਾੜੀ ਗਈ। ਇਸ ਮੌਕੇ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਸਖਤ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸਰਕਾਰ ਖੇਤੀ ਵਿਰੋਧੀ ਇਹ ਕਾਨੂੰਨ ਤੁਰੰਤ ਵਾਪਸ ਲਵੇ। ਇਸ ਧਰਨੇ ਵਿੱਚ ਭਾਜਪਾ ਤੋਂ ਸਿਵਾਏ ਤਕਰੀਬਨ ਸਾਰੀਆਂ ਸਿਆਸੀ ਪਾਰਟੀਆਂ ਦੇ ਪਿੰਡ ਆਗੂ ਸ਼ਾਮਲ ਹੋਏ। ਇਸ ਤੋਂ ਇਲਾਵਾ ਚੀਮਾ ਮੰਡੀ ਵਿੱਚ ਵੀ ਸੁਨਾਮ-ਮਾਨਸਾ ਮੁੱਖ ਸੜਕ ’ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਵੱਲੋਂ ਇਨ੍ਹਾਂ ਬਿੱਲਾਂ ਵਿਰੁੱਧ ਧਰਨਾ ਦਿੱਤਾ ਗਿਆ।