ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਅਕਤੂਬਰ
ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਆਦੇਸ਼ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ਅਤੇ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮਾਲੇਰਕੋਟਲਾ ਅੱਗੇ ਧਰਨਾ ਦੇ ਕੇ ਪੰਜਾਬ ਦੇ ਰਾਜਪਾਲ ਨਾਂ ਇੱਕ ਮੰਗ ਪੱਤਰ ਡੀਸੀ ਸੰਯਮ ਅਗਰਵਾਲ ਨੂੰ ਸੌਂਪਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਅਮਰਗੜ੍ਹ ਹਲਕੇ ਤੋਂ ਚੋਣ ਲੜ ਚੁੱਕੇ ਸੁਮਿਤ ਸਿੰਘ ਮਾਨ ਅਤੇ ਸਾਬਕਾ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਪੀ.ਏ. ਦਰਬਾਰਾ ਸਿੰਘ ਅਤੇ ਮੁਹੰਮਦ ਤਾਰਿਕ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦਾ ਪੈਸਾ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਜਿੱਤਣ ਲਈ ਇਸ਼ਤਿਹਾਰਾਂ ਲਈ ਵਰਤ ਰਹੀ ਹੈ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਉਸ ਵਾਇਰਲ ਵੀਡੀਓ ਦੀ ਜਾਂਚ ਹੋਣੀ ਚਾਹੀਦੀ ਹੈ, ਜਿਸ ਵਿੱਚ ਉਹ ਕਥਿਤ ਤੌਰ ‘ਤੇ ਰਿਸ਼ਵਤ ਦਾ ਜੁਗਾੜ ਕਰ ਰਿਹਾ ਹੈ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਕਾਂਗਰਸ ਕਮੇਟੀ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ’ਚੋ ਲਾਂਭੇ ਕਰਕੇ ਉਸ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗਰੋਵਰ ਦੀ ਅਗਵਾਈ ਹੇਠ ਪੁੱਜੇ ਕਾਂਗਰਸੀ ਵਫ਼ਦ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਸਿਰਫ਼ ਕਾਂਗਰਸੀ ਆਗੂਆਂ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਹੰਸ ਰਾਜ ਗੁਪਤਾ ਮੈਂਬਰ ਪੀਪੀਸੀਸੀ, ਕਾਕਾ ਤੂਰ ਬਲਾਕ ਪ੍ਰਧਾਨ ਧੂਰੀ ਹਾਜ਼ਰ ਸਨ।