ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਉਸ ਦੇ ਸਾਥੀਆਂ ’ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਫੈਲਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਢੀਂਡਸਾ ਦੇ ਸ਼ਾਨਦਾਰ ਅਕਸ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਹੈ।
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਲੋਕਾਂ ਵਿੱਚ ਦਿਨੋ-ਦਿਨ ਡਿੱਗ ਰਹੀ ਸਾਖ ਨੂੰ ਬਚਾਉਣ ਲਈ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਪਰਮਿੰਦਰ ਸਿੰਘ ਢੀਂਡਸਾ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮਜ਼ਬੂਤੀ ਵੱਲ ਵਧਣ ਵਿੱਚ ਅਹਿਮ ਰੋਲ ਰਿਹਾ ਹੈ।
ਇੱਥੇ ਢੀਂਡਸਾ ਦੀ ਰਿਹਾਇਸ਼ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਵਲੋਂ ਪੰਥਕ ਸਫ਼ਾਂ ਵਿੱਚ ਭੰਬਲਭੂਸਾ ਪੈਦਾ ਕਰਨ ਲਈ ਅਜਿਹਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਢੀਂਡਸਾ ਅਕਾਲੀ ਸੋਚ ਦੇ ਆਗੂ ਹਨ ਅਤੇ ਜ਼ਿੰਦਗੀ ਭਰ ਅਕਾਲੀ ਹੀ ਰਹਿਣਗੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਅਕਾਲੀ ਦਲ ਨੂੰ ਭਾਜਪਾ ਦੀ ਬੀ ਟੀਮ ਦੱਸਦਿਆਂ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ, ਗੁਰਮੀਤ ਸਿੰਘ ਜੌਹਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ ਹਾਜ਼ਰ ਸਨ।

