ਪੱਤਰ ਪ੍ਰੇਰਕ
ਲਹਿਰਾਗਾਗਾ, 2 ਜੁਲਾਈ
ਇੱਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਰੈਗੂਲਰ ਭਰਤੀ ਲਈ ਬਜਟ ਵਿੱਚ ਕੋਈ ਏਜੰਡਾ ਨਾ ਲਿਆਉਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਆਊਟਸੋਰਸਡ ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ ਇਨਲਿਸਟਮੈਂਟ ਅਤੇ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਜਾਂ ਸਿੱਧਾ ਭਰਤੀ ਕਰਨ ਸਬੰਧੀ ਕੋਈ ਏਜੰਡਾ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਦੀ ਜੂਨ ਸੁਧਾਰਨ ਲਈ ਕਿਸੇ ਵਿਸ਼ੇਸ਼ ਫੰਡ ਦਾ ਪ੍ਰਬੰਧ ਹੀ ਕੀਤਾ ਗਿਆ। ਇਸ ਦੇ ਉਲਟ ਮੋਰਚੇ ਦੇ ਬੈਨਰ ਹੇਠ ਕੀਤੇ ਸੰਘਰਸ਼ਾਂ ਦੀ ਬਦੌਲਤ ਅਪਰੈਲ ਅਤੇ ਜੂਨ ਨੂੰ ਸੂਬਾਈ ਆਗੂਆਂ ਨਾਲ ਮੀਟਿੰਗ ਕਰਨ ਦਾ ਲਿਖਤੀ ਭਰੋਸਾ ਦੇਕੇ ਸਰਕਾਰ ਮੀਟਿੰਗ ਕਰਨ ਤੋਂ ਭੱਜ ਗਈ ਹੈ, ਜਿਸ ਦੇ ਵਿਰੋਧ ਵਜੋਂ ਮਿਤੀ 28 ਜੂਨ ਨੂੰ ਚੰਡੀਗੜ੍ਹ ਵਿਖੇ ਮੋਰਚੇ ਦੀ ਹੋਈ ਮੀਟਿੰਗ ਵਿੱਚ ਕੀਤੇ ਫ਼ੈਸਲੇ ਮੁਤਾਬਕ ਅੱਜ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ।