ਪੱਤਰ ਪ੍ਰੇਰਕ
ਸੰਗਰੂਰ, 30 ਅਕਤੂਬਰ
ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਨਾ ਕਰਨ ਅਤੇ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਰਹਿਣ ਦੇ ਰੋਸ ਵਜੋਂ 3 ਨਵੰਬਰ ਨੂੰ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ|
ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਉਨ੍ਹਾਂ ਦੇ ਮੁਲਾਜ਼ਮ ਭਰਾ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ ਪਿਛਲੇ 15 ਸਾਲਾਂ ਤੋਂ ਮਨਜ਼ੂਰਸ਼ੁਦਾ ਪੋਸਟਾਂ ’ਤੇ ਠੇਕੇ ’ਤੇ ਕੰਮ ਕਰ ਰਹੇ ਹਨ ਅਤੇ ਤਨਖਾਹ ਦੇ ਨਾਮ ’ਤੇ ਉਨ੍ਹਾਂ ਨੂੰ ਸਿਰਫ਼ 11,000 ਰੁਪਏ ਮਹੀਨਾ ਦਿੱਤਾ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ ਅਨੁਸਾਰ 618 ਪੇਂਡੂ ਡਿਸਪੈਂਸਰੀਆਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਸਿਹਤ ਵਿਭਾਗ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਪ੍ਰੰਤੂ ਸਿਹਤ ਵਿਭਾਗ ਵਿੱਚ ਅਧਿਕਾਰਤ ਤੌਰ ’ਤੇ ਆਉਣ ਤੋਂ ਪਹਿਲਾਂ ਉਹ ਪਿਛਲੇ ਡੇਢ ਸਾਲ ਤੋਂ ਕਰੋਨਾ ਖ਼ਿਲਾਫ਼ ਲੜਾਈ ਲੜਦੇ ਆ ਰਹੇ ਹਨ| ਆਗੂ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਜੇਕਰ ਇਸ ’ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਸਮੁੱਚੇ ਪੰਜਾਬ ਦੇ ਠੇਕਾ ਆਧਾਰਤ ਫ਼ਾਰਮੇਸੀ ਅਫ਼ਸਰ ਆਰ-ਪਾਰ ਦਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗਾ|