ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਦੀ ਕੋਠੀ ਅੱਗੇ ਪਰਿਵਾਰਾਂ ਸਮੇਤ ਗਰਜੇ ਠੇਕਾ ਮੁਲਾਜ਼ਮ

ਵੱਖ-ਵੱਖ ਵਿਭਾਗਾਂ ਵਿੱਚ ਮਰਜ ਕਰ ਕੇ ਤਜਰਬੇ ਦੇ ਆਧਾਰ ’ਤੇ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੰਦੇ ਹੋਏ ਠੇਕਾ ਮੁਲਾਜ਼ਮ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਆਵਾਜਾਈ ਠੱਪ ਕਰ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ/ਬੱਚਿਆਂ ਨੇ ਵੀ ਭਰਵੀਂ ਸ਼ਮੂਲੀਅਤ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਧਰਨੇ ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪਨੂੰ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਪਵਨਦੀਪ ਸਿੰਘ, ਜਸਪ੍ਰੀਤ ਸਿੰਘ ਗਗਨ ਅਤੇ ਗੁਰਪ੍ਰੀਤ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ ਅਤੇ ਇਨਲਿਸਟਮੈਂਟ ਆਦਿ ਵੱਖ-ਵੱਖ ਕੈਟਾਗਿਰੀਆਂ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਠੇਕਾ ਮੁਲਾਜ਼ਮ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੈਂਕੜੇ ਵਾਰ ਮੰਗ ਪੱਤਰ ਦੇ ਚੁੱਕੇ ਹਨ ਕਿ ਸਰਕਾਰੀ ਵਿਭਾਗਾਂ ਵਿੱਚ ਪੱਕੇ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇ, ਸਰਕਾਰੀ ਵਿਭਾਗਾਂ ਵਿੱਚ ਲਗਾਤਾਰ ਕੰਮ ਕਰਦੇ ਆਊਟਸੋਰਸ ਅਤੇ ਇਨਲਿਸਟਮੈਟ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱੱਚ ਮਰਜ ਕਰ ਕੇ ਤਜਰਬੇ ਦੇ ਆਧਾਰ ’ਤੇ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਪਰ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਕੋਲੋਂ ਹਰ ਵਾਰ ਪੈਨਲ ਮੀਟਿੰਗ ਦੀ ਮੰਗ ਕੀਤੀ ਜਾਂਦੀ ਹੈ ਪਰ ਹਰ ਵਾਰ ‘ਮੰਗ-ਪੱਤਰ’ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤੇ ਜਾਂਦੇ ਹਨ। ਇਸ ਮੌਕੇ ਧਰਨੇ ਨੂੰ ਭਰਾਤਰੀ ਜਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਗ੍ਰਾਮ ਪੰਚਾਇਤ ਪੰਪ ਅਪਰੇਟਰ ਠੇਕਾ ਮੁਲਾਜ਼ਮ ਯੂਨੀਅਨ ਤੋਂ ਬੋਹੜ ਸਿੰਘ ਭੁੱਲਰ, ਸਿਵਲ ਗੰਨਮੈਨ ਗਾਰਡ ਯੂਨੀਅਨ ਤੋਂ ਪਰਮਜੀਤ ਸਿੰਘ, ਬਲਵਿੰਦਰ ਸਿੰਘ, ਫਰਦ ਕੇਂਦਰ ਠੇਕਾ ਮੁਲਾਜ਼ਮ ਤੋਂ ਸਤਨਾਮ ਸਿੰਘ, ਪਰਮਜੀਤ ਕੌਰ, ਭਾਕਿਯੂ ਏਕਤਾ-ਆਜ਼ਾਦ ਦੇ ਹਰਦੇਵ ਸਿੰਘ ਕੁਲਾਰਾਂ ਤੇ ਭਾਕਿਯੂ ਏਕਤਾ-ਉਗਰਾਹਾਂ ਦੇ ਹਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਇਕੱਤਰਤਾ ਵਿੱਚ ਪੰਜ ਮਤੇ ਪਾਸ

Advertisement

ਆਗੂਆਂ ਨੇ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤੀ ਜਾਵੇ, ਪੱਕੇ ਕੰਮ ਖੇਤਰ ਵਿੱਚ ਪੱਕੇ ਰੁਜ਼ਗਾਰ ਦਾ ਨਿਯਮ ਲਾਗੂ ਕੀਤਾ ਜਾਵੇ, ਸਮੂਹ ਆਊਟਸੋਰਸ ਅਤੇ ਇਨਲਿਸਟਮੈਟ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇ ਅਤੇ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਹੱਲ ਕੀਤੀਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪੱਕੇ ਰੁਜ਼ਗਾਰ ਦੀ ਮੰਗ ਦਾ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਹਾਨ ਸ਼ਹੀਦ ਦੀ ਵਿਚਾਰਧਾਰਾ ਦਾ ਸਮਾਜ ਬਣਾਉਣ ਸਮੇਤ ਪੰਜ ਮਤੇ ਇਕੱਠ ਵਿੱਚ ਪੜ੍ਹਨ ਉਪਰੰਤ ਇਕੱਤਰਤਾ ਵੱਲੋਂ ਹੱਥ ਖੜ੍ਹੇ ਕਰ ਕੇ ਸਰਬਸੰਮਤੀ ਨਾਲ ਪ੍ਰਵਾਨਗੀ ਲਈ ਗਈ।

Advertisement
Show comments