ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਕਿਸਾਨੀ ਮੰਗਾਂ ਲਾਗੂ ਨਾ ਕਰਨ ’ਤੇ ਕੇਂਦਰ ਸਰਕਾਰ ਖ਼ਿਲਾਫ਼ ਸਥਾਨਕ ਅਨਾਜ ਮੰਡੀ ’ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਹੋਈ ਕਨਵੈਨਸ਼ਨ ’ਚ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੂਟਾਲ ਅਤੇ ਬਹਾਲ ਸਿੰਘ ਢੀਂਡਸਾ ਸ਼ਾਮਲ ਹੋਏ। ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ ਨੂੰ ਲੱਡਾ ਟੌਲ ਪਲਾਜ਼ਾ, ਕਾਲਾਝਾੜ ਟੌਲ ਪਲਾਜ਼ਾ ਅਤੇ ਹਿਸਾਰ ਰੋਡ ’ਤੇ ਸੜਕੀ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਗਿਆ।
ਕਨਵੈਨਸ਼ਨ ਨੂੰ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੂਟਾਲ, ਬਹਾਲ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕੇਂਦਰ ਸਰਕਾਰ ’ਤੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਵਫ਼ਾ ਨਹੀਂ ਹੋਇਆ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਰਕਾਰ ਬਚਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਪੁਲੀਸ ਕੇਸ ਅਜੇ ਤੱਕ ਵਾਪਸ ਨਹੀਂ ਲਏ ਗਏ ਅਤੇ ਨਾ ਹੀ ਹੋਰ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਅਤੇ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 31 ਜੁਲਾਈ ਨੂੰ ਸੜਕਾਂ ਜਾਮ ਕਰਨ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਇਆ ਜਾਵੇਗਾ। ਕਨਵੈਨਸ਼ਨ ਨੂੰ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ, ਹਰਬੰਸ ਸਿੰਘ ਲੱਡਾ, ਕਰਨੈਲ ਸਿੰਘ ਗਨੋਟਾ, ਅਜੈਬ ਸਿੰਘ ਲੱਖੇਵਾਲ, ਆਦਿ ਨੇ ਵੀ ਸੰਬੋਧਨ ਕੀਤਾ।