ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਨਵੰਬਰ
ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਵੱਲੋਂ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦੇ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ, ਸੰਗਰੂਰ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਫੀਲਡ ਵਰਕਸ਼ਾਪ ਦੇ ਸੂਬਾ ਪ੍ਰਧਾਨ ਦਰਸ਼ਨ ਬੇਲੂਮਾਜਰਾ ਅਤੇ ਸੀਟੀਯੂ ਦੇ ਦੇਵ ਰਾਜ ਵਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਨਤਕ ਖੇਤਰ ਅਤੇ ਸਰਕਾਰੀ ਵਿਭਾਗਾਂ ਨੂੰ ਕੌਡੀਆਂ ਦੇ ਭਾਅ ਬਹੁ-ਕੌਮੀ ਕੰਪਨੀਆਂ ਅਤੇ ਰਾਜ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ। ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਮਜ਼ਦੂਰਾਂ ਮੁਲਾਜ਼ਮਾਂ ਨੂੰ ਗੁਲਾਮਾਂ ਵਾਲਾ ਦਰਜਾ ਦਿੱਤਾ ਜਾ ਰਿਹਾ ਹੈ। ਲੌਕਡਾਊਨ ਦੀ ਆੜ ਵਿੱਚ ਲੱਖਾਂ ਪੋਸਟਾਂ ਦਾ ਭੋਗ ਪਾਇਆ ਜਾ ਰਿਹਾ ਹੈ। ਕਿਸਾਨ ਵਿਰੋਧੀ ਕਾਨੂੰਨ ਲਿਆਂਦੇ ਜਾ ਰਹੇ ਹਨ। ਸਰਕਾਰਾਂ ਦੇ ਇਨ੍ਹਾਂ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਰਣਜੀਤ ਈਸਾਪੁਰ ਨੇ ਕਿਹਾ ਕਿ ਕਿਰਤ ਕਾਨੂੰਨਾਂ ਵਿੱਚ ਕੀਤੀਆ ਸੋਧਾਂ ਰੱਦ ਕੀਤੀਆਂ ਜਾਣ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਡੀਏ ਦੀਆਂ ਬਕਾਇਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੇਅ-ਕਮੀਸ਼ਨ ਲਾਗੂ ਕੀਤਾ ਜਾਵੇ। ਜੇਕਰ ਸਰਕਾਰਾਂ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।