ਬਹਾਦਰ ਸਿੰਘ
ਰਾਜਪੁਰਾ, 9 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਸੈਂਕੜੇ ਬਿਜਲੀ ਕਾਮਿਆਂ ਦਾ ਕਾਫਲਾ ਪੀ.ਐੱਸ.ਈ.ਬੀ. ਐਂਪਲਾਈਜ਼ ਫੈਡਰੇਸ਼ਨ (ਏਟਕ) ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਆਗੂਆਂ ਹਰਭਜਨ ਸਿੰਘ ਪਿਲਖਣੀ, ਬਲਜੀਤ ਕੁਮਾਰ, ਪਰਮਜੀਤ ਸਿੰਘ, ਕੁਲਦੀਪ ਸਿੰਘ, ਗੁਰਦਿਆਲ ਸਿੰਘ, ਹਰਪਾਲ ਸਿੰਘ ਪਾਲਾ ਦੀ ਅਗਵਾਈ ਵਿੱਚ ਅੱਜ ਸਵੇਰੇ ਮੋਦੀ ਸਰਕਾਰ ਖਿਲਾਫ਼ ਅਤੇ ਕਿਸਾਨ ਪੱਖੀ ਨਾਅਰਿਆਂ ਦੀ ਗੂੰਜ ਵਿੱਚ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਆਗੂਆਂ ਨੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਭੰਡਦਿਆਂ ਆਖਿਆ ਕਿ ਦੇਸ਼ ਦਾ ਪ੍ਰਧਾਨ ਮੰਤਰੀ ਇਕ ਤਾਨਾਸ਼ਾਹ ਵਾਂਗ ਸਰਕਾਰ ਚਲਾ ਰਹੇ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ। ਦੇਸ਼ ਦੇ ਲੋਕ ਇਨ੍ਹਾਂ ਲੋਕ ਮਾਰੂ ਕਾਨੂੰਨਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ। ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ।