ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ, ਸਤਵੰਤ ਸਿੰਘ ਆਲਮਪੁਰ, ਜਸਵਿੰਦਰ ਸਿੰਘ ਜੱਸਾ, ਹਰਜੀਤ ਸਿੰਘ ਗਲਵੱਟੀ, ਮਨਪ੍ਰੀਤ ਸਿੰਘ ਟਿੱਬਾ, ਮਨਜੀਤ ਸਿੰਘ ਲੱਡਾ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਜਾਰੀ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੀ ਹੈ ਜਿਸ ਦੀ ਐੱਸ ਓ ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਦੀ ਐੱਸ ਓ ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਦੀ ਵਾਅਦਾਖਿਲਾਫ਼ੀ ’ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐੱਨ ਪੀ ਐੱਸ ਦੇ ਖਾਤੇ ਬੰਦ ਕਰਕੇ ਜੀ ਪੀ ਐੱਫ ਦੇ ਖਾਤੇ ਤੁਰੰਤ ਖੋਲ੍ਹੇ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਸਮੁੱਚੇ ਐੱਨ ਪੀ ਐੱਸ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 25 ਨਵੰਬਰ ਨੂੰ ਦਿੱਲੀ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਮੁਲਾਜ਼ਮਾਂ ਦਾ ਇਤਿਹਾਸਕ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਵੱਡੀ ਤਾਦਾਦ ਵਿੱਚ ਮੁਲਾਜ਼ਮ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰਨਗੇ।
25 ਨੂੰ ਦਿੱਲੀ ’ਚ ਵਿਸ਼ਾਲ ਰੈਲੀ ਕਰਨ ਦਾ ਐਲਾਨ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਪਾਵਰਕੌਮ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ ਦੀ ਅਗਵਾਈ ਹੇਠ ਫੂਕੀਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸ ਓ ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਸਾਰੇ ਮੁਲਾਜ਼ਮਾਂ ਵੱਲੋਂ 25 ਨਵੰਬਰ ਦੀ ਦਿੱਲੀ ਵਿੱਚ ਹੋਣ ਜਾ ਰਹੀ ਇਤਿਹਾਸਕ ਮਹਾਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਤੋਂ ਐੱਨ ਪੀ ਐੱਸ ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ। ਇਸ ਮੌਕੇ ਐੱਸ ਡੀ ਓ ਨਰਾਇਣ ਦੱਤ, ਕਰਮਜੀਤ ਸਿੰਘ ਨੰਗਲਾ, ਗੁਰਬਰਿੰਦਰ ਸਿੰਘ, ਮੋਹਿਤ ਕੁਮਾਰ , ਪਰਮਜੀਤ ਕੌਰ, ਹਰਮਿੰਦਰ ਕੌਰ, ਪਰਦੀਪ ਸ਼ਰਮਾ, ਗੁਰਪ੍ਰੀਤ ਸ਼ਰਮਾ, ਵਿਕਾਸ, ਗੁਰਪਿਆਰ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਬੱਬੂ ਜੋਸੀ ਆਦਿ ਹਾਜ਼ਰ ਸਨ।

