ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਅਧਿਆਪਕਾਂ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਤੇ ਅਧਿਆਪਕ ਵਿਰੋਧੀ ਸਰਕਾਰੀ ਇਸ਼ਤਿਹਾਰ ਦੀਆਂ ਕਾਪੀਆਂ ਸਾੜਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਪੁਤਲਾ ਚੁੱਕ ਕੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਤੇ ਰੈਗੂਲਰ ਹੋਣ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾ ਕਨਵੀਨਰ ਜਸਵੰਤ ਸਿੰਘ ਪੰਨੂ, ਸੂਬਾਈ ਆਗੂ ਜੁਝਾਰ ਸਿੰਘ ਉੱਭਾਵਾਲ, ਨਿਰਮਲ ਸਿੰਘ, ਵਿਕਾਸ ਵਡੇਰਾ, ਹਰਵਿੰਦਰ ਸਿੰਘ, ਗੁਰਚਰਨ ਸੇਖੂਵਾਸ, ਕਰਮਜੀਤ ਕੌਰ, ਲਵਪ੍ਰੀਤ ਸਿੰਘ ਕੋਟੜਾ, ਬਲਵੀਰ ਸਿੰਘ, ਹਰਵਿੰਦਰ ਸਿੰਘ ਅਤੇ ਪਰਮਜੀਤ ਕੌਰ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਧਿਆਪਕ ਮੁਹਾਲੀ ਵਿੱਚ ਸਿੱਖਿਆ ਭਵਨ ਅੱਗੇ 16 ਜੂਨ ਤੋਂ ਜ਼ੋਰਦਾਰ ਸੰਘਰਸ਼ ਚਲਾ ਰਹੇ ਹਨ। ਅੱਧੀ ਦਰਜਨ ਅਧਿਆਪਕ ਵਿੱਦਿਆ ਭਵਨ ਦੀ ਛੱਤ ਉੱਪਰ ਡਟੇ ਹੋਏ ਹਨ। ਆਗੂਆਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਸਰਕਾਰ ਇੱਕ ਪਾਸੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦਾ ਭਰੋਸਾ ਦੇ ਰਹੀ ਹੈ ਦੂਜੇ ਪਾਸੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਅਧਿਆਪਕ ਵਿਰੋਧੀ ਇਸ਼ਤਿਹਾਰ ਅਖ਼ਬਾਰਾਂ ਨੂੰ ਜਾਰੀ ਕਰਕੇ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੇਵਾਵਾਂ ਰੈਗੂਲਰ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਹੋਵੇਗਾ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਕੱਚੇ ਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅਧਿਆਪਕਾਂ ਨੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਵੱਲੋਂ ਜਾਰੀ 8393 ਪ੍ਰੀ-ਪ੍ਰਾਇਮਰੀ ਪੋਸਟਾਂ ਸਬੰਧੀ ਇਸ਼ਤਿਹਾਰ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਅਧਿਆਪਕ ਆਗੂਆਂ ਕਿਹਾ ਕਿ ਯੂਨੀਅਨ ਵੱਲੋਂ 16 ਜੂਨ ਤੋਂ ਮੰਗਾਂ ਨੂੰ ਲੈ ਕੇ ਮੁਹਾਲੀ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਅੱਗੇ ਪੱਕਾ ਧਰਨਾ ਚੱਲ ਰਿਹਾ ਹੈ। 2003 ਤੋਂ ਸਮੂਹ ਈਜੀਐੱਸਏਆਈਈ, ਐੱਸਟੀਆਰ, ਆਈਈਵੀ ਤੇ ਸਿੱਖਿਆ ਪ੍ਰੋਵਾਈਡਰ ਕੱਚੇ ਅਧਿਆਪਕ ਬਹੁਤ ਹੀ ਘੱਟ ਤਨਖ਼ਾਹ ’ਤੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਅ ਰਹੇ ਹਨ। ਧਰਨਾਕਾਰੀਆਂ ਨੇ ਬੀਤੇ ਕੱਲ੍ਹ ਅਖ਼ਬਾਰਾਂ ਵਿੱਚ 8393 ਪ੍ਰੀ-ਪ੍ਰਾਇਮਰੀ ਪੋਸਟਾਂ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰ ਦੀਆਂ ਕਾਪੀਆਂ ਸਾੜ ਕੇ ਪਹਿਲਾਂ ਹੀ ਕੰਮ ਕਰਦੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ ਦੀ ਮੰਗ ਕੀਤੀ ਗਈ।