ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 26 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਵੱਲੋਂ ਤਹਿਸੀਲ ਪੱਧਰੀ ਇਕੱਠ ਕਰਕੇ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਇਨਲਿਸਟਮੈਂਟ, ਠੇਕੇਦਾਰ ਪ੍ਰਣਾਲੀ, ਆਊਟਸੋਰਸਿੰਗ, ਸੁਸਾਇਟੀਆਂ, ਕੰਪਨੀਆਂ, ਕੇਂਦਰੀ ਸਕੀਮਾਂ, ਟੈਂਪਰੇਰੀ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਕਰਕੇ ਰੈਗੂਲਰ ਕਰਨ ਦੀ ਮੰਗ ਸਬੰਧੀ ਕੈਪਟਨ ਸਰਕਾਰ ਵੱਲੋਂ ਗਠਿਤ ਕੀਤੀ ਮੰਤਰੀਆਂ ਦੀ ਸਬ ਕਮੇਟੀ ਵਲੋਂ ਲਿਆਂਦੇ ਖਰੜੇ ਦੀਆਂ ਕਾਪੀਆਂ ਫ਼ੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਕੁੱਪ ਕਲਾਂ, ਜਗਸੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਬਹੁਤ ਹੀ ਥੋੜ੍ਹੇ ਸਿੱਧੇ ਭਰਤੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਖ਼ਾਨਾਪੂਰਤੀ ਕਰਨਾ ਚਾਹੁੰਦੀ ਹੈ, ਜੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ ਮਨਜ਼ੂਰ ਨਹੀਂ। ੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਦੇਵੀਗੜ੍ਹ (ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਵੱਲੋਂ ਨਹਿਰੀ ਵਿਸ਼ਰਾਮ ਘਰ ਦੇਵੀਗੜ੍ਹ ਵਿਖੇ ਤਹਿਸੀਲ ਪੱਧਰੀ ਵਿਸ਼ਾਲ ਇਕੱਠ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਕਰਕੇ ਰੈਗੂਲਰ ਕਰਨ ਦੀ ਮੁੱਖ ਮੰਗ ਨੂੰ ਅਣਦੇਖਿਆ ਕਰਕੇ ਕੈਪਟਨ ਸਰਕਾਰ ਦੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਗਠਿਤ ਸਬ ਕਮੇਟੀ ਮੰਤਰੀਆਂ ਵਲੋਂ ਲਿਆਂਦੇ ਖਰੜੇ ਦੀਆਂ ਕਾਪੀਆਂ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਰਾਜਪੁਰਾ (ਪੱਤਰ ਪ੍ਰੇਰਕ): ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸੈਂਕੜੇ ਕੰਟਰੈਕਟ ਵਰਕਰਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਯੂਨੀਅਨ ਆਗੂਆਂ ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਜਗਦੀਪ ਸਿੰਘ ਦੀ ਸਾਂਝੀ ਅਗਵਾਈ ਵਿੱਚ ਆਈ.ਟੀ.ਆਈ ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਪੰਜਾਬ ਦੇ ਮੰਤਰੀਆਂ ’ਤੇ ਅਧਾਰਿਤ ਸਬ ਕਮੇਟੀਆਂ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਜਾਰੀ ਖਰੜੇ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।