ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਜੁਲਾਈ
ਇਥੇ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਕਾਪੀਆਂ ਫ਼ੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਮਿਉਂਸੀਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਦੀਪਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਹੈ, ਉਸ ਵਿੱਚ ਬਹੁਤ ਸਾਰੀਆਂ ਖਾਮੀਆਂ ਹਨ ਤੇ ਇਸ ਰਿਪੋਰਟ ਵਿੱਚ ਮੁਲਾਜ਼ਮਾਂ ਦੇ ਕਈ ਭੱਤਿਆ ਨੂੰ ਬੰਦ ਕੀਤਾ ਗਿਆ ਹੈ। ਇਸ ਨਾਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਤਾਂ ਤਨਖ਼ਾਹ-ਕਮਿਸ਼ਨ ਦੀ ਰਿਪੋਰਟ ਬਹੁਤ ਦੇਰੀ ਨਾਲ ਜਾਰੀ ਕੀਤੀ ਹੈ, ਜਿਸ ਦਾ ਮੁੱਖ ਕਾਰਨ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਹਨ। ਦੂਜਾ, ਇਸ ਰਿਪੋਰਟ ਵਿਚ ਮੁਲਾਜ਼ਮਾਂ ਨੂੰ ਪਹਿਲਾਂ ਤੋਂ ਮਿਲ ਰਹੇ ਕਈ ਭੱਤੇ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਿਸ ਨੂੰ ਮੁਲਾਜ਼ਮ ਬਰਾਦਸ਼ਤ ਨਹੀਂ ਕਰਨਗੇ।
ਇਸ ਮੌਕੇ ਕਰਮ ਚੰਦ, ਫ਼ੈਸਲ ਸੁਲਤਾਨ, ਅਬਦੁਲ ਰਸ਼ੀਦ, ਜਗਤ ਸਿੰਘ ਠਾਕੁਰ, ਮਹਿੰਦਰ ਸਿੰਘ, ਮੁਹੰਮਦ ਆਦਿਲ , ਪਰਮਜੀਤ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।