ਪੱਤਰ ਪ੍ਰੇਰਕ
ਭਵਾਨੀਗੜ੍ਹ, 15 ਜੁਲਾਈ
ਜ਼ਮੀਨ ਪ੍ਰਾਪਤੀ ਸ਼ੰਘਰਸ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਜਦੂਰਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਦਿੱਤੇ ਬਿਆਨ ਨੂੰ ਚੋਣ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਸੰਘਰਸ਼ ਕਮੇਟੀ ਵੱਲੋਂ 13 ਅਗਸਤ ਨੂੰ ਪਟਿਆਲਾ ਵਿੱਚ ਮਹਿਲਾਂ ਵੱਲ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਇਲਾਕਾ ਪ੍ਰਧਾਨ ਸੁਖਵਿੰਦਰ ਸਿੰਘ ਬਟੜਿਆਣਾ ਨੇ ਕਿਹਾ ਕਿ ਦਲਿਤਾਂ ਦੇ ਹਿੱਸੇ ਦੀਆਂ ਜ਼ਮੀਨਾਂ ਲਈ ਅਤੇ ਸਾਰੇ ਕਰਜ਼ੇ ਮੁਆਫ਼ੀ ਲਈ 13 ਅਗਸਤ ਨੂੰ ਪੰਜਾਬ ਭਰ ਦੇ ਦਲਿਤ ਕੈਪਟਨ ਦੇ ਮਹਿਲਾਂ ਵੱਲ ਰੋਸ ਮਾਰਚ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੀ ਤਿਆਰੀ ਲਈ ਅੱਜ ਇਲਾਕਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਭਵਾਨੀਗੜ੍ਹ ਇਲਾਕੇ ਦੇ ਲਗਪਗ ਡੇਢ ਦਰਜਨ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ, ਕੰਧ ਪੋਸਟਰ ਅਤੇ ਰੈਲੀਆਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਪਟਿਆਲਾ ਜਾਣ ਦਾ ਸੱਦਾ ਦਿੱਤਾ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਘਰਾਚੋਂ, ਅਮਰਜੀਤ ਸਿੰਘ ਝਨੇੜੀ, ਸੁਰਜੀਤ ਸਿੰਘ ਬਟੜਿਆਣਾ, ਹਰਜਿੰਦਰ ਸਿੰਘ ਝਨੇੜੀ ਅਤੇ ਅਵਤਾਰ ਸਿੰਘ ਬਾਲਦ ਕਲਾਂ ਹਾਜ਼ਰ ਸਨ।