ਖੇਤਰੀ ਪ੍ਰਤੀਨਿਧ
ਧੂਰੀ, 19 ਜਨਵਰੀ
ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨ ਯਸ਼ਪਾਲ ਗੋਇਲ ਦੀ ਅਗਵਾਈ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਨਵਰ ਭਸੋੜ ਦੇ ਦਫ਼ਤਰ ਵਿੱਚ ਸੰਭਾਵੀ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਯਸ਼ਪਾਲ ਗੋਇਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਵੀ ਵਾਰਡ ਵਿੱਚ ਕਿਸੇ ਆਜ਼ਾਦ ਉਮੀਦਵਾਰ ਨੂੰ ਆਪਣਾ ਸਮਰਥਨ ਨਹੀਂ ਦੇਵੇਗੀ। ਇਸ ਮੌਕੇ ਡਾ. ਅਨਵਰ ਭਸੋੜ ਨੇ ਕਿਹਾ ਇਨ੍ਹਾਂ ਚੋਣਾਂ ਲਈ ਪਾਰਟੀ ਵੱਲੋਂ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਹੈ ਤੇ ਉਹ ਜਲਦੀ ਹੀ ਧੂਰੀ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਜ਼ਿਲੇ ਦੇ ਸਾਰੇ ਸ਼ਹਿਰਾਂ ਵਿੱਚ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਨ ਲਈ 21 ਮੈਂਬਰੀ ਕਮੇਟੀ ਬਣਾਈ ਹੈ, ਜੋ ਜ਼ਿਲ੍ਹੇ ਦੇ ਹਰ ਸ਼ਹਿਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਹੀ ਉਮੀਦਵਾਰਾਂ ਦਾ ਐਲਾਨ ਕਰੇਗੀ। ਇਸ ਮੌਕੇ ਉੱਪਰ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਤੇ ਹੋਰ ਆਗੂ ਹਾਜ਼ਰ ਸਨ।