ਨਿਜੀ ਪੱਤਰ ਪ੍ਰੇਰਕ
ਸੰਗਰੂਰ, 23 ਅਗਸਤ
ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 24 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਥੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਥੇਬੰਦੀ ਵੱਲੋਂ ਕੀਤੇ ਐਕਸ਼ਨਾਂ ਸਦਕਾ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗਾਂ ਹੋਈਆਂ ਸੀ ਪਰ ਇਨ੍ਹਾਂ ਮੀਟਿੰਗਾਂ ਦਾ ਕੋਈ ਸਿੱਟਾ ਅਜੇ ਤੱਕ ਨਹੀਂ ਨਿਕਲ ਸਕਿਆ, ਜਿਸ ਕਾਰਨ ਸੂਬੇ ਭਰ ਦੇ 1 ਲੱਖ 65 ਹਜ਼ਾਰ ਦੇ ਕਰੀਬ ਐਨਪੀਐੱਸ ਤਹਿਤ ਭਰਤੀ ਰੈਗੂਲਰ ਮੁਲਾਜ਼ਮਾਂ ਅੰਦਰ ਰੋਸ ਹੈ। ਜਥੇਬੰਦੀ ਵੱਲੋਂ ਸੂਬਾ ਸਰਕਾਰ ਨੂੰ ਵਾਅਦਾ ਯਾਦ ਕਰਾਉਣ ਲਈ ਰੈਲੀ 24 ਅਗਸਤ ਨੂੰ ਪਟਿਆਲਾ ਵਿੱਚ ਕੀਤੀ ਜਾ ਰਹੀ ਹੈ। ਆਗੂਆਂ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਭਰਾਤਰੀ ਜਥੇਬੰਦੀਆਂ ਦੇ ਕਾਫਲੇ ਇਸ ਰੈਲੀ ਵਿੱਚ ਹਿੱਸਾ ਲੈਣਗੇ ਅਤੇ ਸਰਕਾਰ ਨੂੰ ਵਾਅਦਾ ਯਾਦ ਦਿਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਜਲਦੀ ਤੋਂ ਜਲਦੀ ਕਰਵਾਉਣ ਲਈ ਮਜਬੂਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ ਸਮੇਤ ਉੱਘੀਆਂ ਸ਼ਖਸ਼ੀਅਤਾਂ ਅਤੇ ਗੁਆਂਢੀ ਸੂਬੇ ਹਰਿਆਣਾ, ਹਿਮਾਚਲ, ਉੱਤਰਾਖੰਡ, ਰਾਜਸਥਾਨ ਤੇ ਦਿੱਲੀ ਤੋਂ ਨੈਸ਼ਨਲ ਮੂਵਮੈਂਟ ਆਫ ਓਲਡ ਪੈਨਸ਼ਨ ਸਕੀਮ ਦੇ ਆਗੂ ਤੇ ਮੈਂਬਰ ਵਿਸ਼ੇਸ਼ ਤੌਰ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਰੈਲੀ ਦਾ ਸਮਰਥਨ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੈਲੀ ਇੱਕ ਇਤਿਹਾਸਕ ਰੈਲੀ ਹੋਵੇਗੀ।