ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਜੂਨ
ਕੋਵਿਡ-19 ਖ਼ਿਲਾਫ਼ ਸ਼ੁਰੂ ਤੋਂ ਹੀ ਫਰੰਟ ਲਾਈਨ ’ਤੇ ਕੰਮ ਕਰ ਰਹੇ ਸਿਹਤ ਕਰਮਚਾਰੀਆਂ, ਆਂਗਣਵਾੜੀ ਵਰਕਰਾਂ ਅਤੇ ਜੀਓਜੀ ਦੇ ਸਨਮਾਨ ਵਿਚ ਸਿਹਤ ਕੇਂਦਰ ਬਡਰੁੱਖਾਂ ਵਿਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਅਤੇ ਐੱਲਐੱਚਵੀ ਬਲਜੀਤ ਕੌਰ ਦੀ ਨਿਗਰਾਨੀ ਹੇਠ ਕਰੋਨਾ ਯੋਧਿਆਂ ਨੂੰ ਸਰਟੀਫਿਕੇਟ ਪ੍ਰਦਾਨ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਦੱਸਿਆ ਕਿ ਬਡਰੁੱਖਾਂ ਸੈੱਕਟਰ ਅਧੀਨ 13 ਪਿੰਡ ਪੈਂਦੇ ਹਨ। ਕੋਵਿਡ-19 ਦੇ ਭਾਰਤ ਵਿਚ ਆਉਣ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਵੱਲੋਂ ਬਾਹਰ ਤੋਂ ਆਏ ਵਿਅਕਤੀਆਂ ਨੂੰ ਇਕਾਂਤਵਾਸ ਕਰਨ, ਇਕਾਂਤਵਾਸ ਦੌਰਾਨ ਸਿਹਤ ਸਟੇਟਸ ਚੈੱਕ ਕਰਨ, ਇਕਾਂਤਵਾਸ ਨਿਯਮਾਂ ਦੀ ਪਾਲਣਾ ਦਾ ਕੰਮ, ਸ਼ਿਕਾਇਤਾਂ ਦਾ ਨਿਪਟਾਰਾ ਕਰਨ, ਵਿਅਕਤੀਆਂ ਦੀ ਸੈਂਪਲਿੰਗ ਕਰਾਉਣ ਆਦਿ ਸੇਵਾਵਾਂ ਨੂੰ ਸ਼ੁਰੂ ਤੋਂ ਹੀ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਪੂਰੀ ਬਹਾਦਰੀ ਨਾਲ ਨਿਭਾਇਆ ਹੈ ਅਤੇ ਨਿਭਾ ਰਹੇ ਹਨ। ਇਨ੍ਹਾਂ ਨੂੰ ਸਨਮਾਨ ਦੇਣਾ ਸਾਡਾ ਸਭ ਦਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀ ਵਰਤਣ ਅਤੇ ਘਰਾਂ ’ਚ ਰਹਿਣ ਦੀ ਅਪੀਲ ਕੀਤੀ।