ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਨਵੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਲਹਿਰਾਗਾਗਾ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਬਲਾਕ ਆਗੂਆਂ ਨੇ ਕਿਹਾ ਕਿ ਡੀਏਪੀ ਖਾਦ ਦੀ ਬਰਾਮਦਗੀ ਲਈ ਪਿਛਲੇ ਦਿਨੀਂ ਸੰਕੇਤਕ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਗੱਲਬਾਤ ਸਿਰੇ ਨਾ ਲਗਦੀ ਵੇਖ ਧਰਨਾ ਮੰਗਾਂ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀ ਸੁਸਤੀ ਕਰਕੇ ਪ੍ਰੇਸ਼ਾਨ ਹਨ। ਸਰਕਾਰ ਵੱਡੀਆਂ ਕੰਪਨੀਆਂ ਨਾਲ਼ ਮਿਲਕੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਅਫ਼ਸਰਸ਼ਾਹੀ ਦੀ ਚੁੱਪ ਦਰਸਾ ਰਹੀ ਹੈ ਕਿ ਮਿਲੀਭੁਗਤ ਨਾਲ ਕੰਮ ਚੱਲ ਰਿਹਾ ਹੈ। ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦਾ ਤਬਾਹ ਹੋਣਾ ਸੋਚੀ ਸਮਝੀ ਚਾਲ ਹੈ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਸਰਕਾਰ ਕਿਸਾਨਾਂ ਨੂੰ ਖਾਦ ਮੁਹੱਈਆ ਨਹੀਂ ਕਰਵਾਉਦੀ, ਝੋਨੇ ਦੀ ਫ਼ਸਲ ਦੀ ਖਰੀਦ ਦੁਆਰਾ ਬਹਾਲ ਨਹੀਂ ਕਰਦੀ, ਨਰਮੇ ਦਾ ਮੁਆਵਜ਼ਾ ਅਤੇ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਨਹੀਂ ਦਿੰਦੀ ਉਨ੍ਹਾਂ ਸਮਾਂ ਧਰਨਾ ਜਾਰੀ ਰੱਖਿਆ ਜਾਵੇਗਾ।
ਕਿਸਾਨੀ ਅਖਾੜੇ ਮਘਾਉਣ ਦਾ ਹੋਕਾ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ ਧਰਨੇ ਵਿੱਚ ਬੁਲਾਰਿਆਂ ਨੇ ਕਿਸਾਨ ਸੰਘਰਸ਼ ਦੇ ਅਖਾੜਿਆਂ ਨੂੰ ਹੋਰ ਮਘਾਉਣ ਦਾ ਸੱਦਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ, ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਅਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌਰ ਜੱਟਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜਦਿਆਂ ਨੂੰ ਜਿੱਥੇ ਪੰਜਾਬ ਵਿੱਚ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਉਥੇ ਹੀ ਦਿੱਲੀ ਦੇ ਬਾਰਡਰਾਂ ਉੱਪਰ ਬੈਠੇ ਕਿਸਾਨਾਂ ਨੂੰ ਅੱਜ 352 ਦਿਨ ਪੂਰੇ ਹੋ ਚੁੱਕੇ ਹਨ।