ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਨਵੰਬਰ
ਇਥੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਦੇ 406ਵੇਂ ਦਿਨ ਸਟੇਜ ਦੀ ਕਾਰਵਾਈ ਮਾਵਾਂ ਭੈਣਾਂ ਨੇ ਚਲਾਈ। ਇਸ ਧਰਨੇ ਨੂੰ ਬਹਾਦਰ ਸਿੰਘ ਭੁਟਾਲ ਖੁਰਦ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਰਾਮਚੰਦ ਸਿੰਘ ਚੋਟੀਆਂ, ਮਾਸਟਰ ਗੁਰਚਰਨ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ , ਬੂਟਾ ਸਿੰਘ ਭੁਟਾਲ ਕਲਾਂ, ਗੁਰਮੇਲ ਸਿੰਘ ਕਾਲਬੰਜਾਰਾ, ਗੁਰਮੀਤ ਸਿੰਘ ਪਸ਼ੌਰ , ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ , ਕਲਵਿੰਦਰ ਕੌਰ, ਪਰਮਜੀਤ ਕੌਰ ਭੁਟਾਲ, ਕਰਮਜੀਤ ਕੌਰ ਰਾਏਧਰਾਣਾ, ਬਲਜੀਤ ਕੌਰ ਲਹਿਲ ਕਲਾਂ ਸੰਬੋਧਨ ਕਰਦਿਆਂ ਕਿਹਾ ਪੰਜਾਬ ਵਿੱਚ ਕਿਸਾਨਾਂ ਨੂੰ ਆ ਰਹੀ ਡੀਏਪੀ ਖਾਦ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ, ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਖਰੀਦ ਦਾ ਸਮਾਂ ਵਧਾਉਣ, ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ 60 ਹਜ਼ਾਰ ਪ੍ਰਤੀ ਏਕੜ ਕਿਸਾਨ ਨੂੰ ਅਤੇ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮਜ਼ਦੂਰਾਂ ਨੂੰ ਸਰਕਾਰ ਜਲਦ ਤੋਂ ਜਲਦ ਦੇਵੇ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਭਾਰੀ ਮੀਂਹ ਕਾਰਨ ਡੁਬ ਕੇ ਮਰੀ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ ਉਹ ਮੁਆਵਜ਼ਾ ਵੀ ਸਰਕਾਰ ਤੁਰੰਤ ਜਾਰੀ ਕਰੇ। ਉਨ੍ਹਾਂ ਕਿਹਾ ਕਿ 12 ਨਵੰਬਰ ਨੂੰ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਲੈ ਕੇ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਦੇ ਕਾਫ਼ਲੇ ਨਾਲ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।