ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 6 ਮਾਰਚ
ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਦਰਸ਼ਨ ਦੀਦਾਰ ਨਗਰ ਕੀਰਤਨ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਮਹਿੰਦਰਗੰਜ ਰਾਜਪੁਰਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਛੇਵੇਂ ਪੜਾਅ ਵੱਲ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਇਸ ਮੌਕੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਛੇਵੇਂ ਪੜਾਅ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਮੇਲ ਸਿੰਘ ਟੋਹੜਾ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਸਤਵਿੰਦਰ ਸਿੰਘ ਟੋਹੜਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੋਹੜਾ, ਗਿਆਨੀ ਭੁਪਿੰਦਰ ਸਿੰਘ ਗੋਲੂ ਤੇ ਧਰਮ ਪ੍ਰਚਾਰਕ ਬਲਦੇਵ ਸਿੰਘ ਊਗਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਵੱਲੋਂ ਨਾਮ ਸਿਮਰਨ, ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਪਾਲਕੀ ਸਾਹਿਬ ਵਿੱਚ ਹਜ਼ੂਰੀ ਕੀਰਤਨੀ ਜਥਿਆਂ ਵੱਲੋਂ ਚਲਾਇਆ ਜਾ ਰਿਹਾ ਗੁਰਬਾਣੀ ਪਰਵਾਹ ਖਿੱਚ ਦਾ ਕੇਂਦਰ ਬਣਿਆ ਰਿਹਾ। ਵੱਖ ਵੱਖ ਥਾਵਾਂ ’ਤੇ ਸੰਗਤ ਵੱਲੋਂ ਲੰਗਰ ਦੀਆਂ ਸਟਾਲਾਂ ਲਗਾਈਆਂ ਗਈਆਂ। ਪੰਜ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤ ਨੂੰ ਪ੍ਰੇਰਦਿਆਂ ਕਿਹਾ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਮੰਤਵ ਮਨੁੱਖਤਾ ਨੂੰ ਸਿੱਖ ਸਿਧਾਂਤ ਅਤੇ ਧਰਮ ਦੇ ਮਾਰਗ ’ਤੇ ਲਿਜਾਉਣਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸ਼ਬਦ ਗੁਰੂ ਨਾਲ ਜੁੜਨ ਦੀ ਜੀਵਨ ਜਾਚ ਦਿੱਤੀ। ਛੇਵੇਂ ਪੜਾਅ ਲਈ ਇੱਥੋਂ ਰਵਾਨਾ ਹੋਇਅ ਇਹ ਨਗਰ ਕੀਰਤਨ ਇਸ ਇਲਾਕੇ ਵਿੱਚ ਗੁਰੂ ਚਰਨਾਂ ਦੇ ਛੋਹ ਪ੍ਰਾਪਤ ਪਵਿੱਤਰ ਧਰਤੀ ’ਤੇ ਸ਼ੰਸ਼ੋਭਿਤ ਅਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਸੰਪੂਰਨਤਾ ਹੋਵੇਗੀ।
ਨਗਰ ਕੀਰਤਨ ਦਾ ਨਿੱਘਾ ਸਵਾਗਤ
ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਦਰਸ਼ਨ ਦੀਦਾਰ ਨਗਰ ਕੀਰਤਨ ਦਾ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ’ਚ ਨਗਰ ਕੀਰਤਨ ਦਾ ਸਵਾਗਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੀਤਾ ਗਿਆ। ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਅਜਮੇਰ ਸਿੰਘ ਜੀ ਅੰਗੀਠਾ ਸਾਹਿਬ ਵਾਲੇ, ਭਾਈ ਸਤਨਾਮ ਸਿੰਘ ਅੰਗੀਠਾ ਸਾਹਿਬ ਵਾਲੇ, ਬਾਬਾ ਕਰਮਵੀਰ ਸਿੰਘ ਬੇਦੀ ਡੇਰਾ ਬਾਬਾ ਸ੍ਰੀ ਚੰਦ ਜੀ, ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸਮੁੱਚੀ ਮਾਨਵਤਾ ਨੂੰ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜਕ ਬਰਾਬਰੀ ਅਤੇ ਮਾਨਵੀ ਹੱਕਾਂ ਦੀ ਰਾਖੀ ਆਪਣਾ ਮਹਾਨ ਯੋਗਦਾਨ ਦਿੱਤਾ।
ਕਮਾਂਡੋ ਜਵਾਨਾਂ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ
ਸਨੌਰ (ਪਟਿਆਲਾ) (ਸਰਬਜੀਤ ਸਿੰਘ ਭੰਗੂ): ਪਟਿਆਲਾ ਜ਼ਿਲ੍ਹੇ ਅੰਦਰ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦਰਸ਼ਨ ਦੀਦਾਰ ਨਗਰ ਕੀਰਤਨ ਅੱਜ ਹਲਕਾ ਸਨੌਰ ਦੇ ਕਸਬਾ ਬਹਾਦਰਗੜ੍ਹ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪੁੱਜਿਆ। ਇਸ ਦੌਰਾਨ ਜਿਥੇ ਰਾਜਸੀ ਤੇ ਧਾਰਮਿਕ ਆਗੂਆਂ ਸਮੇਤ ਇਲਾਕੇ ਦੀ ਸੰਗਤ ਨੇ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ, ਉੱਥੇ ਹੀ ਬਹਾਦਰਗੜ੍ਹ ਸਥਿਤ ਕਮਾਂਡੋ ਟ੍ਰੇਨਿੰਗ ਸੈਂਟਰ ਵਿਚਲੇ ਕਮਾਂਡੋ ਦੇ ਜਵਾਨਾ ਨੇ ਵੀ ਨਗਰ ਕੀਰਤਨ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਬਹਾਦਰਗੜ੍ਹ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪੁੱਜਣ ਮੌਕੇ ਸਵਾਗਤ ਕਰਨ ਵਾਲਿਆਂ ਵਿੱਚ ਕਈ ਰਾਜਸੀ ਤੇ ਧਾਰਮਿਕ ਆਗੂ ਵੀ ਸ਼ਾਮਲ ਸਨ।