ਡੀ ਸੀ ਅਤੇ ਐੱਸ ਐੱਸ ਪੀ ਨੇ ਪਰਾਲੀ ਦੀ ਅੱਗ ਬੁਝਾਈ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਹੀਲਾ ਵਰਤ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਕੌਮੀ ਹਾਈਵੇਅ ਤੋਂ ਲੰਘਦਿਆਂ ਜਿਉਂ ਹੀ ਉਨ੍ਹਾਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗੀ ਵੇਖੀ ਤਾਂ ਤੁਰੰਤ ਗੱਡੀਆਂ ਖੇਤਾਂ ਵੱਲ ਮੋੜ ਲਈਆਂ। ਅਧਿਕਾਰੀ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਦੇ ਖੇਤਾਂ ਵਿੱਚ ਪੁੱਜੇ ਜਿਨ੍ਹਾਂ ਦੇ ਹੁਕਮ ਉਪਰੰਤ ਤੁਰੰਤ ਖੇਤੀਬਾੜੀ ਵਿਭਾਗ ਦੀ ਟੀਮ ਵੀ ਪੁੱਜ ਗਈ। ਖੁਦ ਡੀ ਸੀ ਅਤੇ ਐੱਸ ਐੱਸ ਪੀ ਵੀ ਅੱਗ ਬੁਝਾਉਣ ਵਿੱਚ ਜੁਟ ਗਏ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿਤ ਪ੍ਰਬੰਧ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤਾਂ ਦਾ ਦੌਰਾ ਕਰ ਰਹੇ ਸਨ। ਜਿਉਂ ਹੀ ਦੋਵੇਂ ਅਧਿਕਾਰੀਆਂ ਦੀਆਂ ਗੱਡੀਆਂ ਦਾ ਕਾਫਲਾ ਕੌਮੀ ਹਾਈਵੇਅ ਉਪਰੋਂ ਲੰਘ ਰਿਹਾ ਸੀ ਤਾਂ ਉਨ੍ਹਾਂ ਪਿੰਡ ਗੁਰਦਾਸਪੁਰਾ ਅਤੇ ਖੁਰਾਣਾ ਦੇ ਖੇਤਾਂ ਵਿੱਚ ਪਰਾਲੀ ਵਾਲੇ ਖੇਤ ਨੂੰ ਅੱਗ ਲੱਗੀ ਵੇਖੀ ਅਤੇ ਉਹ ਤੁਰੰਤ ਸਬੰਧਤ ਖੇਤਾਂ ਵਿੱਚ ਪੁੱਜ ਗਏ। ਵਿਭਾਗ ਦੀ ਮੱਦਦ ਨਾਲ ਅੱਗ ਉਪਰ ਕਾਬੂ ਪਾ ਲਿਆ ਗਿਆ ਅਤੇ ਦੋਵੇਂ ਮੁੱਖ ਅਧਿਕਾਰੀਆਂ ਨੇ ਮੌਕੇ ’ਤੇ ਹੀ ਸਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹਾਲਤ ਵਿਚ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸੈਟੇਲਾਈਟ ਰਾਹੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਕਿਸਾਨ ਖੇਤ ਵਿੱਚ ਅੱਗ ਲਗਾਏਗਾ ਤਾਂ ਕਿਸਾਨ ਨੂੰ ਜੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਹੌਸਲਾ-ਅਫ਼ਜ਼ਾਈ
ਅਮਰਗੜ੍ਹ (ਨਵਦੀਪ ਜੈਦਕਾ): ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਅਤੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਮਾਲੇਰਕੋਟਲਾ ਜ਼ਿਲ੍ਹੇ ’ਚ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਪਿੰਡ ਬਨਭੌਰਾ, ਸੰਪੂਰਨਗੜ੍ਹ ਅਤੇ ਬੁਰਜ ਬਗੇਲ ਸਿੰਘ ਵਾਲਾ ਪੁੱਜੇ। ਬਿਨਾਂ ਪਰਾਲੀ ਸਾੜੇ ਇਸ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਨ ਬਚਾਉਣ ਅਤੇ ਪਰਾਲੀ ਨੂੰ ਬਿਨਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਉਨ੍ਹਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਕਿਸਾਨ ਮੁੱਖ ਖੇਤੀਬਾੜੀ ਅਫ਼ਸਰ, ਕਲੱਸਟਰ ਅਫ਼ਸਰ ਜਾਂ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਨੂੰ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਦੇ ਉਚਿਤ ਪ੍ਰਬੰਧਨ ਲਈ ਮਸ਼ੀਨਰੀ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹੇ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਮਿਲਾ ਕੇ ਕੁੱਲ 1378 ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਵਿੱਚੋਂ 1292 ਇਨ-ਸੀਟੂ ਅਤੇ 86 ਐਕਸ-ਸੀਟੂ ਮਸ਼ੀਨਾਂ ਹਨ। ਇਸ ਤੋਂ ਇਲਾਵਾ 49 ਸਹਿਕਾਰੀ ਸਭਾਵਾਂ ਕਾਰਜਸ਼ੀਲ ਹਨ, ਜਿਨ੍ਹਾਂ ਕੋਲ ਪਰਾਲੀ ਪ੍ਰਬੰਧਨ ਲਈ 290 ਆਧੁਨਿਕ ਮਸ਼ੀਨਾਂ ਮੌਜੂਦ ਹਨ। ਇਹ ਮਸ਼ੀਨਾਂ ਖਾਸ ਤੌਰ ’ਤੇ 5 ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨਾਂ ਨੂੰ ਘੱਟ ਰਿਆਇਤੀ ਦਰਾਂ ’ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਬਿਨਾਂ ਅੱਗ ਲਗਾਏ ਪਰਾਲੀ ਦੀ ਸੰਭਾਲ ਕਰ ਸਕਣ। ਇਸ ਮੌਕੇ ਐੱਸ ਡੀ ਐੱਮ ਸੁਰਿੰਦਰ ਕੌਰ, ਡੀ ਐੱਸ ਪੀ ਸੰਜੀਵ ਕਪੂਰ ਤੇ ਖੇਤੀਬਾੜੀ ਵਿਕਾਸ ਅਫ਼ਸਰ ਲਾਜਿੰਦਰ ਸਿੰਘ ਵੀ ਮੌਜੂਦ ਸਨ।
