ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਨਵੰਬਰ
ਵਿਜੀਲੈਂਸ ਬਿਊਰੋ ਦੀ ਸੰਗਰੂਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋਕਾਂ ਨੂੰ ਰਿਸ਼ਵਤਖੋਰੀ ਖਿਲਾਫ਼ ਡੱਟ ਕੇ ਪਹਿਰਾ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹੀਲੇ ਭ੍ਰਿਸ਼ਟਾਚਾਰ ਰੋਕਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਜੀਲੈਂਸ ਬਿਊਰੋ ਦੇ ਸਹਿਯੋਗ ਨਾਲ ਸਾਰੇ ਮਹਿਕਮਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਰਿਸ਼ਵਤਖੋਰੀ ਵਰਗੀਆਂ ਅਲਾਮਤਾਂ ਵਿਰੁੱਧ ਲਾਮਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਮੌਕੇ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਦੇ ਐੱਸਐੱਸਪੀ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ।