ਮਜ਼ਦੂਰ ਆਗੂਆਂ ਦੀ ਰਿਹਾਈ ਲਈ ਡੀਸੀ ਦਫ਼ਤਰ ਘੇਰਿਆ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰ ਕੇ ਕਰੀਬ ਚਾਰ ਘੰਟੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਵਿਚ ਵੱਡੀ ਤਾਦਾਦ ’ਚ ਮਜ਼ਦੂਰ ਵਰਗ ਨਾਲ ਸਬੰਧਤ ਔਰਤਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਅਤੇ ਜ਼ੋਨਲ ਆਗੂ ਗੁਰਚਰਨ ਸਿੰਘ ਘਰਾਚੋਂ ਨੇ ਦੱਸਿਆ ਕਿ 20 ਮਈ ਨੂੰ ਬੇਚਿਰਾਗ ਪਿੰਡ ਤੋਂ ਬੇਗਮਪੁਰਾ ਬਣਾਉਣ ਲਈ ਜਾ ਰਹੇ ਸੈਂਕੜੇ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮਜ਼ਦੂਰ ਆਗੂਆਂ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਝੂਠੇ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਘਰਸ਼ ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ, ਜ਼ੋਨਲ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਰਿਹਾਅ ਕੀਤਾ ਜਾਵੇ, ਲੈਂਡ ਸੀਲਿੰਗ ਐਕਟ ਨੂੰ ਲਾਗੂ ਕੀਤਾ ਜਾਵੇ, ਮਨਰੇਗਾ ਸਕੀਮ ਤਹਿਤ ਮਜ਼ਦੂਰੀ ਅਤੇ ਮੀਂਹ ਵਿਚ ਡਿੱਗੇ ਮਕਾਨਾਂ ਲਈ ਮਜ਼ਦੂਰ ਪਰਿਵਾਰਾਂ ਨੂੰ ਬਣਦਾ ਮੂਆਵਜ਼ਾ ਦਿੱਤਾ ਜਾਵੇ। ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਊਟੀ ਮੈਜਿਸਟ੍ਰੇਟ ਕਰਨ ਬਾਂਸਲ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਕਮੇਟੀ ਤਿੱਖਾ ਅੰਦੋਲਨ ਵਿੱਢਣ ਲਈ ਮਜ਼ਬੂਰ ਹੋਵੇਗੀ ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਧਰਨੇ ਨੂੰ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ, ਗੁਰਵਿੰਦਰ ਸਿੰਘ ਸਾਦੀਹਰੀ, ਸ਼ਿੰਗਾਰਾ ਸਿੰਘ ਹੇੜੀਕੇ, ਗੁਰਦਾਸ ਸਿੰਘ ਜਲੂਰ ਅਤੇ ਲੇਖਕਾਂ ਦੀ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੱਪੀ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਜ਼ੋਨਲ ਆਗੂ ਜਸਵੀਰ ਕੌਰ ਹੇੜੀਕੇ ਨੇ ਨਿਭਾਈ।