ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 11 ਨਵੰਬਰ
ਹਾੜ੍ਹੀ ਸੀਜ਼ਨ ਦੌਰਾਨ ਫ਼ਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਦੀ ਆਉਣ ਵਾਲੇ ਦਿਨਾਂ ਵਿੱਚ ਕੋਈ ਕਿੱਲਤ ਨਹੀਂ ਰਹੇਗੀ, ਜਿਸ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਨੇ ਖਾਦਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਂਦੇ ਦਿਨਾਂ ’ਚ ਹਾੜ੍ਹੀ ਦੇ ਬਿਜਾਈ ਦੇ ਸੀਜ਼ਨ ਦੌਰਾਨ ਖਾਦਾਂ ਦੀ ਵੰਡ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਾਦਾਂ ਦੀ ਜਮ੍ਹਾਖ਼ੋਰੀ, ਕਾਲਾ ਬਜ਼ਾਰੀ, ਤਸਕਰੀ ਆਦਿ ਕਰਨ ਵਾਲੇ ਖਾਦ ਵਿਕ੍ਰੇਤਾਵਾਂ ‘ਤੇ ਨਜ਼ਰ ਰੱਖਣ ਲਈ ਕਿਹਾ। ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾਕਟਰ ਜਸਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਤਕਰੀਬਨ 5381 ਮੀਟਰਿਕ ਟਨ ਫਾਸਫੇਟ ਖਾਦਾਂ ਆ ਚੁੱਕੀਆਂ ਹਨ ਅਤੇ ਆਉਣ ਵਾਲੇ ਦਿਨਾਂ ਅੰਦਰ ਡੀ.ਈੇ.ਪੀ ਖਾਦ ਕੋਆਪਰੇਟਿਵ ਸੁਸਾਇਟੀਆਂ ਆਦਿ ਵਿਖੇ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ।