ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਸਤੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇੱਕ ਅਕਤੂਬਰ ਤੋਂ ਅਨਾਜ ਮੰਡੀਆਂ ਵਿੱਚ ਆਰੰਭ ਹੋਣ ਵਾਲੀ ਝੋਨੇ ਦੀ ਸਰਕਾਰੀ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਰੋਜ਼ਾਨਾ ਆਪਣੀਆਂ ਸਬ ਡਵੀਜ਼ਨਾਂ ਅੰਦਰ ਨਿਯਮਤ ਤੌਰ ’ਤੇ ਮੰਡੀਆਂ ਦਾ ਦੌਰਾ ਕੀਤਾ ਜਾਵੇ ਤੇ ਉਥੇ ਖਰੀਦ ਸੀਜ਼ਨ ਨਾਲ ਸਬੰਧਤ ਹਰ ਬੁਨਿਆਦੀ ਸੁਵਿਧਾ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਮੌਜੂਦਾ ਸੀਜ਼ਨ ਦੌਰਾਨ ਲਗਪਗ 16 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾ ਲਏ ਜਾਣ। ਉਨਾਂ ਨੇ ਡੀਐੱਫਐਸਸੀ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ 166 ਅਨਾਜ ਮੰਡੀਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਮਲੇ ਨੂੰ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਟੇਸ਼ਨ ਨਹੀਂ ਛੱਡੇਗਾ ਤੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਆਪਸ ਵਿੱਚ ਪੂਰਾ ਤਾਲਮੇਲ ਰੱਖਦੇ ਹੋਏ ਕਾਰਜ ਅਮਲ ਵਿੱਚ ਲਿਆਂਦੇ ਜਾਣਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜਿਣਸ ਦੀ ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ, ਬਾਰਦਾਨੇ ਦੀ ਉਪਲਬਧਤਾ ਆਦਿ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐੱਸਡੀਐੱਮ ਸੰਗਰੂਰ ਨਵਰੀਤ ਕੌਰ ਸੇਖੋਂ, ਐੱਸ.ਡੀ.ਐੱਮ ਲਹਿਰਾ ਸੂਬਾ ਸਿੰਘ, ਐੱਸ.ਡੀ.ਐੱਮ ਧੂਰੀ ਅਮਿਤ ਗੁਪਤਾ, ਐੱਸ.ਡੀ.ਐੱਮ ਭਵਾਨੀਗੜ ਵਨੀਤ ਕੁਮਾਰ, ਐੱਸ.ਡੀ.ਐੱਮ ਸੁਨਾਮ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਦਿੜਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨੀਤੇਸ਼ ਕੁਮਾਰ ਜੈਨ, ਡੀ.ਐੱਫ.ਐੱਸ.ਸੀ ਕਿੰਮੀ ਵਨੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸਤਪਾਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।