ਆਂਗਣਵਾੜੀ ਕੇਂਦਰਾਂ ਦੀ ਉਸਾਰੀ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹੇ ਵਿੱਚ ਬਣ ਰਹੇ ਨਵੇਂ ਆਂਗਣਵਾੜੀ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਅਤੇ 9 ਪੁਰਾਣੇ ਆਂਗਣਵਾੜੀ ਸੈਂਟਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਕਰੀਬ 1 ਕਰੋੜ 36 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕੀਤੀ ਜਾਣੀ ਹੈ, ਜਿਨ੍ਹਾਂ ਵਿੱਚੋਂ 7 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਸਬੰਧਿਤ ਵਿਭਾਗ ਨੂੰ ਬਾਕੀ ਦੇ 6 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਦੱਸਿਆ ਕਿ ਕਰੀਬ 18 ਲੱਖ ਦੀ ਲਾਗਤ ਨਾਲ 9 ਪੁਰਾਣੇ ਆਂਗਣਵਾੜੀ ਸੈਂਟਰਾਂ ਦੀ ਪੁਨਰ ਉਸਾਰੀ ਦਾ ਕੰਮ ਚੱਲ ਰਿਹਾ ਹੈ।
