ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜਨਵਰੀ
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੁਲੀਸ ਲਾਈਨ ਵਿੱਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਸਬੰਧ ਵਿੱਚ ਅੱਜ ਅੰਤਿਮ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੁਲੀਸ ਲਾਈਨ ਵਿੱਚ ਸਥਿਤ ਸ਼ਹੀਦੀ ਯਾਦਗਾਰ ਵਿੱਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਮੁੱਖ ਮਹਿਮਾਨ ਵਜੋਂ ਕੌਮੀ ਝੰਡੇ ਦੀ ਰਸਮ ਤੋਂ ਬਾਅਦ ਵੱਖ ਵੱਖ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਜਿਸ ਤਹਿਤ ਪਰੇਡ ਕਮਾਂਡਰ ਡੀਐੱਸਪੀ ਦਿੜ੍ਹਬਾ ਪ੍ਰਿਥੀ ਸਿੰਘ ਚਹਿਲ ਦੀ ਅਗਵਾਈ ਹੇਠ ਪੰਜਾਬ ਪੁਲੀਸ ਦੀਆਂ ਚਾਰ ਟੁਕੜੀਆਂ ਤੇ ਹੋਮਗਾਰਡਜ਼ ਦੀ ਇੱਕ ਟੁਕੜੀ ਦੇ ਨਾਲ ਨਾਲ ਅਕਾਲ ਅਕੈਡਮੀ ਚੀਮਾ ਦੀ ਬੈਂਡ ਟੁਕੜੀ ਨੇ ਹਿੱਸਾ ਲਿਆ। ਇਸ ਮਗਰੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਟੀਮ ਨੇ ਰਾਸ਼ਟਰੀ ਗੀਤ ਦੀ ਪੇਸ਼ਕਾਰੀ ਕੀਤੀ।
ਬਾਅਦ ਵਿੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜਲ ਸਪਲਾਈ ਤੇ ਸੈਨੀਟਸ਼ਨ, ਸਮਾਜਿਕ ਸੁਰੱਖਿਆ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਰਜ਼ੀਆ ਸੁਲਤਾਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਪੂਰੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।