ਡੀ ਸੀ ਵੱਲੋਂ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹੇ ’ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਚੱਲ ਰਹੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਹ ਇਥੇ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਵਿਭਾਗ ਦੀ ਮੀਟਿੰਗ ’ਚ ਪਲਾਸਟਿਕ ਕੂੜਾ ਪ੍ਰਬੰਧਨ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਸੰਸਦ ਆਦਰਸ਼ ਗ੍ਰਾਮ ਯੋਜਨਾ ਅਤੇ ਕਮਿਊਨਿਟੀ ਸੈਨੇਟਰੀ ਕੰਪਲੈਕਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਰਾਹੁਲ ਚਾਬਾ ਨੇ ਸੰਗਰੂਰ ਜ਼ਿਲ੍ਹੇ ਵਿੱਚ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸਮੂਹ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਸਫ਼ਾਈ ਪੱਖੋਂ ਸੂਬੇ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿੱਚ ਦਿਖਾਈ ਦੇਣ ਲੱਗਣਗੇ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ 381 ਪਿੰਡਾਂ ਨੂੰ 31 ਦਸੰਬਰ 2025 ਤੱਕ ਓ.ਡੀ.ਐੱਫ਼ ਪਲਸ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਲਾਕ ਧੂਰੀ ਦੇ 24 ਪਿੰਡ ਅਤੇ ਬਲਾਕ ਸ਼ੇਰਪੁਰ ਦੇ 37 ਪਿੰਡ ਓ.ਡੀ.ਐੱਫ਼ ਪਲਸ ਹੋ ਚੁੱਕੇ ਹਨ ਅਤੇ 30 ਨਵੰਬਰ ਤੱਕ ਦੋਵੇਂ ਬਲਾਕਾਂ ਦੇ ਸਾਰੇ ਪਿੰਡ ਓ.ਡੀ.ਐੱਫ਼ ਪਲਸ ਕਰ ਦਿੱਤੇ ਜਾਣਗੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।